ਅੰਮ੍ਰਿਤਸਰ, ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿਚ ਆਏ ਹੜ੍ਹਾਂ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਗਾਤਾਰ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਕੁਝ ਜ਼ਿਲ੍ਹਿਆਂ ਵਿਚ ਦੁਬਾਰਾ ਹੜ੍ਹ ਆਉਣ ਕਾਰਨ ਪ੍ਰਭਾਵਿਤ ਹੋਏ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਲੰਗਰ ਸਹਾਇਤਾ ਕੇਂਦਰ ਸਥਾਪਤ ਕੀਤੇ ਗਏ ਹਨ, ਤਾਂ ਜੋ ਹੜ੍ਹ ਪੀੜ੍ਹਤਾਂ ਦੀ ਹਰ ਸੰਭਵ ਮੱਦਦ ਕੀਤੀ ਜਾ ਸਕੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਫ਼ਤਰ ਤੋਂ ਜਾਰੀ ਬਿਆਨ ਵਿਚ ਕਿਹਾ ਕਿ ਮੁਸ਼ਕਲ ਦੇ ਸਮੇਂ ਮਾਨਵਤਾ ਨਾਲ ਖੜ੍ਹਨਾ ਸ਼੍ਰੋਮਣੀ ਕਮੇਟੀ ਆਪਣਾ ਫ਼ਰਜ਼ ਸਮਝਦੀ ਹੈ ਅਤੇ ਗੁਰੂ ਦਰਸਾਏ ਮਾਰਗ ਅਨੁਸਾਰ ਸਿੱਖ ਸੰਸਥਾ ਲੋੜਵੰਦਾਂ ਲਈ ਨਿਰੰਤਰ ਕਾਰਜਸ਼ੀਲ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਬੀਤੇ ਦਿਨਾਂ ਦੌਰਾਨ ਹੜ੍ਹ ਦੀ ਮਾਰ ਹੇਠ ਆਏ ਇਲਾਕਿਆਂ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਪੀੜ੍ਹਤਾਂ ਲਈ ਰਿਹਾਇਸ਼, ਲੰਗਰ ਅਤੇ ਹੋਰ ਲੋੜੀਂਦੀਆਂ ਵਸਤਾਂ ਦੇ ਪ੍ਰਬੰਧਾਂ ਦੇ ਨਾਲ-ਨਾਲ ਪਸ਼ੂਆਂ ਲਈ ਚਾਰੇ ਦਾ ਵੀ ਪ੍ਰਬੰਧ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਹੁਣ ਫਿਰ ਪੰਜਾਬ ਦੇ ਕੁਝ ਜ਼ਿਲ੍ਹਿਆਂ ਅੰਦਰ ਹੜ੍ਹ ਆਉਣ ਕਾਰਨ ਸ਼੍ਰੋਮਣੀ ਕਮੇਟੀ ਪੀੜ੍ਹਤਾਂ ਦੀ ਮੱਦਦ ਲਈ ਕਾਰਜਸ਼ੀਲ ਹੈ। ਉਨ੍ਹਾਂ ਕਿਹਾ ਕਿ ਹੜ੍ਹ ਪੀੜਤਾਂ ਦੀ ਸਹੂਲਤ ਲਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਗੁਰਦੁਆਰਾ ਸ੍ਰੀ ਬਾਰਠ ਸਾਹਿਬ ਪਠਾਨਕੋਟ, ਗੁਰਦੁਆਰਾ ਗਰਨਾ ਸਾਹਿਬ ਬੋਦਲ ਹੁਸ਼ਿਆਰਪੁਰ ਤੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਕੇਂਦਰ ਸਥਾਪਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਗੁਰਦੁਆਰਾ ਸਾਹਿਬਾਨ ਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਲੰਗਰ ਅਤੇ ਹੋਰ ਲੋੜੀਂਦੀਆਂ ਵਸਤਾਂ ਪਹੁੰਚਾਉਣ ਲਈ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਪੀਲ ਕੀਤੀ ਕਿ ਹੜ੍ਹ ਪ੍ਰਭਾਵਿਤ ਲੋਕ ਸਬੰਧਤ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਨਾਲ ਸਹਾਇਤਾ ਲਈ ਸੰਪਰਕ ਕਰਨ।
Leave a Reply