ਗੁਰਮੀਤ ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤਾ ਸਖ਼ਤ ਇਤਰਾਜ਼

ਅੰਮ੍ਰਿਤਸਰ : ਕਤਲ ਤੇ ਬਲਾਤਕਾਰ ਵਰਗੇ ਸੰਗੀਨ ਦੋਸ਼ਾਂ ਤਹਿਤ ਜੇਲ੍ਹ ’ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇਕ ਵਾਰ ਮੁੜ 30 ਦਿਨ ਦੀ ਪੈਰੋਲ ਮਿਲਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਇਹ ਦੋਹਰੀ ਨੀਤੀ ਸਿੱਖਾਂ ਅੰਦਰ ਬੇਵਿਸ਼ਵਾਸੀ ਦਾ ਮਾਹੌਲ ਸਿਰਜ ਰਹੀ ਹੈ। ਉਨ੍ਹਾਂ ਆਖਿਆ ਕਿ ਜੇਕਰ ਕਾਤਲ ਅਤੇ ਬਲਾਤਕਾਰ ਦੇ ਸੰਗੀਨ ਜੁਲਮਾਂ ਦੇ ਦੋਸ਼ੀ ਸੌਦਾ ਸਾਧ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾ ਸਕਦੀ ਹੈ ਤਾਂ ਫਿਰ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਸੇ ਤੋਂ ਸਿੱਖ ਕੌਮ ਵੱਲੋਂ ਉਠਾਈ ਜਾ ਰਹੀ ਅਵਾਜ਼ ਸਰਕਾਰਾਂ ਨੂੰ ਕਿਉਂ ਨਹੀਂ ਸੁਣ ਰਹੀ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਰਕਾਰਾਂ ਵੱਲੋਂ ਆਪਣੇ ਸਿਆਸੀ ਹਿੱਤਾਂ ਲਈ ਗੁਰਮੀਤ ਰਾਮ ਰਹੀਮ ਦੇ ਘਿਨੌਣੇ ਅਪਰਾਧਾਂ ਨੂੰ ਅੱਖੋਂ-ਓਹਲੇ ਕਰਕੇ ਉਸ ਨੂੰ ਬਾਰ-ਬਾਰ ਛੱਡਿਆ ਜਾ ਰਿਹਾ ਹੈ। ਸਰਕਾਰਾਂ ਦੀ ਅਜਿਹੀ ਨੀਤੀ ਸਿੱਖਾਂ ਨੂੰ ਬੇਗਾਨਗੀ ਦਾ ਅਹਿਸਾਸ ਕਰਵਾਉਣ ਵਾਲੀ ਹੈ, ਜੋ ਦੇਸ਼ ਲਈ ਠੀਕ ਨਹੀਂ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਮੀਤ ਰਾਮ ਰਹੀਮ ਦੀ ਪੈਰੋਲ ਨੂੰ ਤੁਰੰਤ ਰੱਦ ਕਰਕੇ ਉਸ ਨੂੰ ਜੇਲ੍ਹ ਵਿਚ ਬੰਦ ਕੀਤਾ ਜਾਵੇ।

Be the first to comment

Leave a Reply

Your email address will not be published.


*