ਗੁਰੂ ਘਰਾਂ ਅੰਦਰ ਖਿਡੌਣੇ ਚੜ੍ਹਾਉਣ ਦੀ ਮਨਮਤਿ ਤੋਂ ਗੁਰੇਜ਼ ਕਰੇ ਸੰਗਤ- ਸ਼੍ਰੋਮਣੀ ਕਮੇਟੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਮੈਨੇਜਰਾਂ ਨੂੰ ਲਿਖਿਆ ਪੱਤਰ

ਅੰਮ੍ਰਿਤਸਰ (ਟਾਈਮਜ਼ ਬਿਓਰੋ) ਗੁਰਦੁਆਰਾ ਸਾਹਿਬਾਨ ਵਿਖੇ ਸੰਗਤਾਂ ਵੱਲੋਂ ਸ਼ਰਧਾ ਦੇ ਨਾਂ ’ਤੇ ਖਿਡੌਣੇ ਚੜ੍ਹਾਉਣ ’ਤੇ ਰੋਕ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਹੋਏ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨੂੰ ਪੱਤਰ ਜਾਰੀ ਕੀਤਾ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਵੱਲੋਂ ਗੁਰਦੁਆਰਾ ਮੈਨੇਜਰਾਂ ਨੂੰ ਭੇਜੇ ਪੱਤਰ ਵਿਚ ਗੁਰੂ ਘਰਾਂ ਦੀ ਮਰਯਾਦਾ ਵਿਰੁੱਧ ਖਿਡੌਣੇ ਆਦਿ ਚੜ੍ਹਾਉਣ ਦੀ ਮਨਮਤਿ ਰੋਕਣ ਲਈ ਆਖਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਕੁਝ ਗੁਰਦੁਆਰਾ ਸਾਹਿਬਾਨ ਵਿਖੇ ਸੰਗਤਾਂ ਵੱਲੋਂ ਸ਼ਰਧਾ ਦੇ ਨਾਂ ’ਤੇ ਖਿਡੌਣੇ (ਜਹਾਜ਼) ਚੜ੍ਹਾਏ ਜਾਂਦੇ ਹਨ, ਜੋ ਮਰਯਾਦਾ ਅਨੁਸਾਰ ਉਚਿਤ ਨਹੀਂ ਹਨ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਵੱਲੋਂ ਅਜਿਹੀਆਂ ਮਨਮਤੀ ਕਾਰਵਾਈਆਂ ਨੂੰ ਰੋਕਣ ਲਈ ਆਦੇਸ਼ ਜਾਰੀ ਹੋਇਆ ਸੀ, ਜਿਸ ਦੀ ਪਾਲਣਾ ਕਰਨ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬਾਨ ਦੇ ਮੈਨੇਜਰ ਨੂੰ ਪੱਤਰ ਜਾਰੀ ਕੀਤਾ ਗਿਆ ਹੈ। ਸ. ਪ੍ਰਤਾਪ ਸਿੰਘ ਨੇ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਗੁਰੂ ਸਾਹਿਬ ਦੇ ਸਤਿਕਾਰ ਤੇ ਗੁਰਦੁਆਰਾ ਸਾਹਿਬਾਨ ਦੀ ਮਰਯਾਦਾ ਨੂੰ ਧਿਆਨ ਵਿਚ ਰੱਖਦਿਆਂ ਗੁਰਦੁਆਰਾ ਸਾਹਿਬ ਅੰਦਰ ਖਿਡੌਣੇ (ਜਹਾਜ਼) ਆਦਿ ਨਾ ਚੜ੍ਹਾਉਣ। ਉਨ੍ਹਾਂ ਪ੍ਰਚਾਰਕ ਜਥਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ ਆਦੇਸ਼ ਤੋਂ ਵੱਧ ਤੋਂ ਵੱਧ ਸੰਗਤਾਂ ਨੂੰ ਜਾਣੂ ਕਰਵਾਉਣ ।

Be the first to comment

Leave a Reply

Your email address will not be published.


*