ਦੇਸ਼ ਦੀ ਵੰਡ ਸਮੇਂ ਜਾਨਾਂ ਗਵਾਉਣ ਵਾਲੇ ਲੱਖਾਂ ਪੰਜਾਬੀਆਂ ਦੀ ਯਾਦ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਇਆ ਗਿਆ ਅਰਦਾਸ ਸਮਾਗਮ

ਅੰਮ੍ਰਿਤਸਰ (ਟਾਈਮਜ਼ ਬਿਓਰੋ) : ਸੰਨ 1947 ’ਚ ਭਾਰਤ ਪਾਕਿਸਤਾਨ ਦੀ ਵੰਡ ਦੌਰਾਨ ਜਾਨਾਂ ਗਵਾਉਣ ਵਾਲੇ ਲੱਖਾਂ ਪੰਜਾਬੀਆਂ ਦੀ ਯਾਦ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ ਕਰਵਾਇਆ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਪਿਛਲੇ ਸਾਲ ਪਹਿਲੀ ਵਾਰ ਇਸ ਸਬੰਧ ਵਿਚ ਸਮਾਗਮ ਕੀਤਾ ਗਿਆ ਸੀ, ਜਿਸ ਦੀ ਲਗਾਤਾਰਤਾ ਵਿੱਚ ਮੰਗਲਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਵਿਛੜੀਆਂ ਰੂਹਾਂ ਨਮਿਤ ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਸਰਵਣ ਕਰਵਾਇਆ।
ਸਮਾਗਮ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੰਨ 1947 ਵਿਚ ਦੇਸ਼ ਦੀ ਵੰਡ ਸਮੇਂ ਜਿਥੇ ਲੱਖਾਂ ਪੰਜਾਬੀਆਂ ਨੇ ਜਾਨਾਂ ਗੁਆਈਆਂ, ਉਥੇ ਹੀ ਲੋਕਾਂ ਨੂੰ ਆਪਣੀਆਂ ਜ਼ਮੀਨਾਂ ਜਾਇਦਾਦਾਂ ਅਤੇ ਕਾਰੋਬਾਰ ਵੀ ਛੱਡਣੇ ਪਏ। ਦੇਸ਼ ਵੰਡ ਮੌਕੇ ਸਿੱਖ ਕੌਮ ਨੂੰ ਵੀ ਆਪਣੇ ਪਾਵਨ ਗੁਰਧਾਮਾਂ ਤੋਂ ਵਿਛੜਨਾ ਪਿਆ। ਸ੍ਰੀ ਨਨਕਾਣਾ ਸਾਹਿਬ ਸਮੇਤ ਅਨੇਕਾਂ ਗੁਰ-ਅਸਥਾਨ ਪਾਕਿਸਤਾਨ ਅੰਦਰ ਰਹਿ ਗਏ, ਜਿਨ੍ਹਾਂ ਦੇ ਦਰਸ਼ਨਾਂ ਦੀ ਤਾਂਘ ਹਰ ਸਿੱਖ ਅੰਦਰ ਅੱਜ ਵੀ ਮੌਜੂਦ ਹੈ। ਉਨ੍ਹਾਂ ਕਿਹਾ ਕਿ ਅੱਜ ਦੋਵੇਂ ਦੇਸ਼ਾਂ ਦੀਆਂ ਸਰਕਾਰਾਂ ਅਜ਼ਾਦੀ ਦੇ ਜ਼ਸ਼ਨ ਮਨਾਉਂਦਿਆਂ ਉਜਾੜੇ ਦਾ ਸ਼ਿਕਾਰ ਹੋਏ ਪੰਜਾਬੀਆਂ ਨੂੰ ਬਿਲਕੁਲ ਭੁੱਲ ਚੁੱਕੀਆਂ ਹਨ। ਗਿਆਨੀ ਸੁਲਤਾਨ ਸਿੰਘ ਨੇ ਕਿਹਾ ਕਿ ਦੇਸ਼ ਵੰਡ ਸਮੇਂ ਮਾਰੇ ਗਏ ਇਨ੍ਹਾਂ ਬੇਕਸੂਰ ਲੋਕਾਂ ਦੀ ਯਾਦ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ ਕਰਕੇ ਸ਼ਰਧਾਂਜਲੀ ਭੇਟ ਕਰਨੀ ਸ਼ਲਾਘਾਯੋਗ ਕਦਮ ਹੈ, ਕਿਉਂਕਿ ਪੌਣੀ ਸਦੀ ਦੌਰਾਨ ਹੁਕਮਰਾਨਾ ਨੇ ਕਦੇ ਵੀ ਆਪਣੀਆਂ ਜਾਨਾਂ ਗਵਾਉਣ ਵਾਲਿਆਂ ਨੂੰ ਯਾਦ ਨਹੀਂ ਕੀਤਾ।

Be the first to comment

Leave a Reply

Your email address will not be published.


*