ਚੰਡੀਗੜ (ਟਾਈਮਜ਼ ਬਿਓਰੋ) ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ ਇੱਕ ਵਿਸ਼ੇਸ਼ ਆਪ੍ਰੇਸ਼ਨ ‘ ਆਪ੍ਰੇਸ਼ਨ ਸੀਲ-3’ ਚਲਾਇਆ, ਜਿਸ ਦਾ ਉਦੇਸ਼ ਸਰਹੱਦੀ ਸੂਬੇ ਵਿੱਚ ਦਾਖਲ ਹੋਣ ਵਾਲੇ ਸਾਰੇ ਵਾਹਨਾਂ ਦੀ ਚੈਕਿੰਗ ਕਰਨਾ ਸੀ ਤਾਂ ਜੋ ਪੰਜਾਬ ਵਿੱਚ ਨਸ਼ਾ ਤਸਕਰੀ, ਸ਼ਰਾਬ ਤਸਕਰੀ ਅਤੇ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਦੀਆਂ ਹਰਕਤਾਂ ’ਤੇ ਨਜ਼ਰ ਬਾਜ਼ ਰੱਖੀ ਜਾ ਸਕੇ ।
ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਇਹ ਆਪ੍ਰੇਸ਼ਨ ਚਾਰ ਗੁਆਂਢੀ ਰਾਜਾਂ- ਹਿਮਾਚਲ ਪ੍ਰਦੇਸ਼, ਹਰਿਆਣਾ, ਰਾਜਸਥਾਨ ਅਤੇ ਜੰਮੂ-ਕਸ਼ਮੀਰ- ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪੁਲਿਸ ਬਲਾਂ ਦੇ ਨਾਲ ਸਾਂਝੇ ਤੌਰ ’ਤੇ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਸੁਚੱਜੇ ਢੰਗ ਨਾਲ ਇੱਕੋ ਸਮੇਂ ਚਲਾਇਆ ਗਿਆ। ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਏਡੀਜੀਪੀ ਬਠਿੰਡਾ ਰੇਂਜ, ਆਈਜੀਐਸਪੀ ਰੂਪਨਗਰ/ਪਟਿਆਲਾ ਰੇਂਜ ਅਤੇ ਡੀਆਈਜੀਜ਼ ਬਾਰਡਰ/ਜਲੰਧਰ/ਫਿਰੋਜ਼ਪੁਰ/ਫਰੀਦਕੋਟ ਰੇਂਜ ਨੂੰ ਸਰਹੱਦੀ ਰਾਜਾਂ ਦੇ ਆਪਣੇ ਹਮਰੁਤਬਾ ਰੇਂਜ ਇੰਸਪੈਕਟਰ ਜਨਰਲ ਪੁਲਿਸ (ਆਈਜੀਐਸਪੀ) ਨਾਲ ਤਾਲਮੇਲ ਕਰਨ ਲਈ ਕਿਹਾ ਗਿਆ ਸੀ ਤਾਂ ਜੋ ‘ਆਪ੍ਰੇਸ਼ਨ ਸੀਲ -3’ ਦੇ ਹਿੱਸੇ ਵਜੋਂ ਪ੍ਰਭਾਵੀ ਨਕਾਬੰਦੀ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਰਹੱਦੀ ਜ਼ਿਲਿ੍ਹਆਂ ਦੇ ਸਾਰੇ ਐੱਸਐੱਸਪੀਜ਼ ਨੂੰ ਗਜ਼ਟਿਡ ਅਫ਼ਸਰਾਂ/ਐੱਸਐੱਚਓਜ਼ ਦੀ ਨਿਗਰਾਨੀ ਹੇਠ ਸੀਲਿੰਗ ਪੁਆਇੰਟਾਂ ’ਤੇ ਮਜ਼ਬੂਤ ’ਨਾਕੇ’ ਲਾਉਣ ਲਈ ਇਸ ਕਾਰਵਾਈ ਲਈ ਵੱਧ ਤੋਂ ਵੱਧ ਅਧਿਕਾਰੀਆਂ ਅਤੇ ਪੁਲਿਸ ਕਰਮੀਆਂ ਨੂੰ ਲਾਮਬੰਦ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ ।ਉਨ੍ਹਾਂ ਕਿਹਾ ਕਿ 10 ਜ਼ਿਲਿ੍ਹਆਂ , ਜਿਹਨਾਂ ਦੀਆਂ ਹੱਦਾਂ ਚਾਰ ਸਰਹੱਦੀ ਰਾਜਾਂ ਅਤੇ ਯੂਟੀ ਚੰਡੀਗੜ੍ਹ ਨਾਲ ਲੱਗਦੀਆਂ ਹਨ,ਦੇ ਸਾਰੇ ਐਂਟਰੀ/ਐਗਜ਼ਿਟ ਪੁਆਇੰਟਾਂ ’ਤੇ ਇੰਸਪੈਕਟਰਾਂ/ਡੀ.ਐਸ.ਪੀਜ਼ ਦੀ ਨਿਗਰਾਨੀ ਹੇਠ 1500 ਤੋਂ ਵੱਧ ਪੁਲਿਸ ਕਰਮੀਆਂ ਦੀ ਤਾਇਨਾਤੀ ਤੇ ਵਧੀਆ ਤਾਲਮੇਲ ਵਾਲੇ ਮਜ਼ਬੂਤ ਨਾਕੇ ਲਗਾਏ ਗਏ ਹਨ । 10 ਅੰਤਰਰਾਜੀ ਸਰਹੱਦੀ ਜ਼ਿਲਿ੍ਹਆਂ ਵਿੱਚ ਪਠਾਨਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਰੋਪੜ, ਐਸਏਐਸ ਨਗਰ, ਪਟਿਆਲਾ, ਸੰਗਰੂਰ, ਮਾਨਸਾ, ਹੁਸ਼ਿਆਰਪੁਰ ਅਤੇ ਬਠਿੰਡਾ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਸ ਅਪ੍ਰੇਸ਼ਨ ਦੌਰਾਨ ਸ਼ੱਕੀ ਵਾਹਨਾਂ/ਵਿਅਕਤੀਆਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ ਅਤੇ ਆਮ ਲੋਕਾਂ ਲਈ ਘੱਟ ਤੋਂ ਘੱਟ ਅਸੁਵਿਧਾ ਨੂੰ ਯਕੀਨੀ ਬਣਾਇਆ ਗਿਆ। ਉਨ੍ਹਾਂ ਅੱਗੇ ਕਿਹਾ, “ਅਸੀਂ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਸਖ਼ਤੀ ਨਾਲ ਹਦਾਇਤ ਕੀਤੀ ਸੀ ਕਿ ਵਾਹਨਾਂ ਦੀ ਚੈਕਿੰਗ ਕਰਨ ਸਮੇਂ ਉਹ ਹਰੇਕ ਯਾਤਰੀ ਨਾਲ ਦੋਸਤਾਨਾ ਵਿਹਾਰ ਕਰਨ ਅਤੇ ਨਿਮਰਤਾ ਨਾਲ ਪੇਸ਼ ਆਉਣ। ਵਿਸ਼ੇਸ਼ ਡੀਜੀਪੀ ਨੇ ਦੱਸਿਆ ਕਿ ਸੂਬੇ ਵਿੱਚ ਦਾਖਲ ਹੋਣ ਵਾਲੇ 5726 ਵਾਹਨਾਂ ਦੀ ਚੈਕਿੰਗ ਕੀਤੀ ਗਈ, ਜਿਨ੍ਹਾਂ ਵਿੱਚੋਂ 329 ਦੇ ਚਲਾਨ ਕੀਤੇ ਗਏ ਅਤੇ 25 ਨੂੰ ਜ਼ਬਤ ਕੀਤਾ ਗਿਆ। ਪੁਲਿਸ ਨੇ 40 ਐਫਆਈਆਰ ਵੀ ਦਰਜ ਕਰਕੇ 49 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ। ਇਸ ਦੌਰਾਨ ਪੁਲੀਸ ਟੀਮਾਂ ਨੇ ਦੋ ਭਗੌੜੇ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
ਇਸ ਤੋਂ ਇਲਾਵਾ ਪੁਲਿਸ ਟੀਮਾਂ ਨੇ 45 ਲੱਖ ਰੁਪਏ ਦੀ ਨਕਦੀ, 30 ਕਿਲੋ ਭੁੱਕੀ, 374 ਗ੍ਰਾਮ ਹੈਰੋਇਨ, 500 ਗ੍ਰਾਮ ਚਰਸ, 350 ਲੀਟਰ ਲਾਹਣ ਅਤੇ 263 ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਪੁਲਿਸ ਟੀਮਾਂ ਨੇ ਪੁੱਛਗਿੱਛ ਲਈ 715 ਸ਼ੱਕੀ ਵਿਅਕਤੀਆਂ ਨੂੰ ਵੀ ਹਿਰਾਸਤ ਵਿੱਚ ਲਿਆ ਹੈ।
Leave a Reply