ਮਾਨ ਸਰਕਾਰ ਵੱਲੋਂ ਆਜਾਦੀ ਘੁਲਾਟੀਆਂ ਦੀ ਪੈਨਸ਼ਨ 11 ਹਜਾਰ ਰੁਪਏ ਪ੍ਰਤੀ ਮਹੀਨਾ ਕਰਨ ਦਾ ਫੈਸਲਾ- ਹਰਪਾਲ ਸਿੰਘ ਚੀਮਾ

1 ਅਗਸਤ, 2023 ਤੋਂ ਲਾਗੂ ਹੋਵੇਗਾ ਫੈਸਲਾ

ਚੰਡੀਗੜ੍ਹ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਆਜਾਦੀ ਘੁਲਾਟੀਆਂ ਦੀ ਪੈਨਸ਼ਨ 9400 ਰੁਪਏ ਪ੍ਰਤੀ ਮਹੀਨਾ ਤੋਂ ਵਧਾ ਕੇ 11000 ਹਜਾਰ ਰੁਪਏ ਪ੍ਰਤੀ ਮਹੀਨਾ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ 1 ਅਗਸਤ, 2023 ਤੋਂ ਲਾਗੂ ਹੋਵੇਗਾ।

ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਆਜਾਦੀ ਘੁਲਾਟੀਆਂ ਦੀ ਪੈਨਸ਼ਨ ਵਿੱਚ ਵਾਧਾ ਕਰਨ ਸਬੰਧੀ ਸੁਤੰਤਰਤਾ ਸੰਗਰਾਮੀ ਭਲਾਈ ਵਿਭਾਗ ਤੋਂ ਪ੍ਰਾਪਤ ਤਜ਼ਵੀਜ ਤੇ ਵਿਚਾਰ ਕਰਦਿਆਂ ਵਿੱਤ ਵਿਭਾਗ ਵੱਲੋਂ ਇਸ ਕਾਰਜ ਲਈ ਲੋੜੀਂਦੇ ਸਾਲਾਨਾ ਦੇ ਬਜ਼ਟ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ 545 ਲਾਭਪਾਤਰੀਆਂ, ਜਿੰਨ੍ਹਾਂ ਵਿੱਚ ਖੁਦ ਆਜਾਦੀ ਘੁਲਾਟੀਏ, ਮ੍ਰਿਤਕ ਆਜਾਦੀ ਘੁਲਾਟੀਆਂ ਦੀਆਂ ਵਿਧਵਾਵਾਂ ਜਾਂ ਅਣਵਿਆਹੇ ਤੇ ਬੇਰੁਜ਼ਗਾਰ ਲੜਕੀਆਂ ਤੇ ਲੜਕੇ ਸ਼ਾਮਿਲ ਹਨ, ਨੂੰ ਸਿੱਧੇ ਤੌਰ ‘ਤੇ ਫਾਇਦਾ ਹੋਵੇਗਾ।

ਵਿੱਤ ਮੰਤਰੀ ਨੇ ਦੱਸਿਆ ਕਿ ਸਬੰਧਤ ਪ੍ਰਬੰਧਕੀ ਵਿਭਾਗ ਦੀ ਤਜ਼ਵੀਜ ਅਨੁਸਾਰ ਵਿੱਤ ਵਿਭਾਗ ਵੱਲੋਂ ਮਾਰਚ 2020 ਵਿੱਚ ਲਏ ਫੈਸਲੇ ਤਹਿਤ 1 ਅਪ੍ਰੈਲ, 2021 ਤੋਂ ਸੁਤੰਤਰਤਾ ਸੈਨਿਕ ਸਨਮਾਨ ਰਾਸ਼ੀ 7500 ਰੁਪਏ ਤੋਂ ਵਧਾ ਕੇ 9400 ਰੁਪਏ ਕਰਨ ਦਾ ਫੈਸਲਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਹੁਣ ਵਧੀ ਹੋਈ ਮਹਿੰਗਾਈ ਦੇ ਮੱਦੇਨਜ਼ਰ ਇਸ ਨੂੰ ਵਧਾ ਕੇ 11000 ਰੁਪਏ ਪ੍ਰਤੀ ਮਹੀਨਾ ਕਰਨ ਦਾ ਫੈਸਲਾ ਲਿਆ ਗਿਆ ਹੈ।

ਸ. ਚੀਮਾ ਨੇ ਕਿਹਾ ਕਿ ਸਾਨੂੰ ਆਪਣੇ ਉਨ੍ਹਾਂ ਯੋਧਿਆਂ ‘ਤੇ ਮਾਣ ਹੈ ਜਿੰਨ੍ਹਾਂ ਸਦਕਾ ਦੇਸ਼ ਦੀ ਆਜਾਦੀ ਦੇ ਸੰਘਰਸ਼ ਵਿੱਚ ਯੋਗਦਾਨ ਪਾਉਣ ਵਾਲਿਆਂ ਵਿੱਚ ਪੰਜਾਬੀਆਂ ਦਾ ਨਾਮ ਪ੍ਰਮੁਖਤਾ ਨਾਲ ਲਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਉਨ੍ਹਾਂ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਦਾ ਮੁੱਲ ਨਹੀਂ ਉਤਾਰ ਸਕਦੇ ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਉਨ੍ਹਾਂ ਦੇ ਮਾਨ-ਸਨਮਾਨ ਲਈ ਵਚਨਬੱਧ ਹੈ।

Be the first to comment

Leave a Reply

Your email address will not be published.


*