ਗੁਰਦੁਆਰਾ ਸੰਗਰਾਣਾ ਸਾਹਿਬ ਵਿਖੇ ਹੋਇਆ ਸ਼ਰਧਾਂਜਲੀ ਸਮਾਗਮ
ਅੰਮ੍ਰਿਤਸਰ (ਟਾਈਮ਼ ਬਿਓਰੋ) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੀ ਅੰਤਿੰਮ ਅਰਦਾਸ ’ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸੰਗਰਾਣਾ ਸਾਹਿਬ ਵਿਖੇ ਕੀਤਾ ਗਿਆ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਦਮਦਮੀ ਟਕਸਾਲ ਦੇ ਮੁੱਖੀ ਬਾਬਾ ਹਰਨਾਮ ਸਿੰਘ ਖਾਲਸਾ, ਬੁੱਢਾ ਦਲ ਦੇ ਮੁੱਖੀ ਬਾਬਾ ਬਲਬੀਰ ਸਿੰਘ 96ਵੇਂ ਕਰੌੜੀ, ਦਲ ਬਾਬਾ ਬਿਧੀ ਚੰਦ ਦੇ ਮੁੱਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਤਰਨਾ ਦਲ ਦੇ ਮੁੱਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਸ਼ਲਾਘਾਯੋਗ ਕਾਰਜ ਕੀਤੇ ਹਨ। ਉਨ੍ਹਾਂ ਵੱਲੋਂ ਨਿਭਾਈਆਂ ਸੇਵਾਵਾਂ ਨੂੰ ਸਿੱਖ ਕੌਮ ਵੱਲੋਂ ਹਮੇਸ਼ਾਂ ਯਾਦ ਰੱਖਿਆ ਜਾਵੇਗਾ। ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ’ਤੇ ਗੁਰੂ ਸਾਹਿਬ ਦੀ ਵੱਡੀ ਬਖਸ਼ਿਸ਼ ਸੀ ਜੋ ਉਨ੍ਹਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੁੱਖ ਗ੍ਰੰਥੀ ਵਜੋਂ ਸੇਵਾਵਾਂ ਕਰਨ ਦਾ ਸੁਭਾਗ ਪ੍ਰਾਪਤ ਹੋਇਆ। ਉਨ੍ਹਾਂ ਕਿਹਾ ਕਿ ਗਿਆਨੀ ਜਗਤਾਰ ਸਿੰਘ ਨੇ ਗੁਰਮਤਿ ਦੀ ਭੈਅ-ਭਾਵਨੀ ਵਿਚ ਰਹਿੰਦਿਆਂ ਸੇਵਾ ਨਿਭਾਈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਸੰਸਾਰ ਤੋਂ ਜਾਣ ਨਾਲ ਵੱਡਾ ਘਾਟਾ ਪਿਆ ਹੈ।
ਇਸ ਮੌਕੇ ਦਮਦਮੀ ਟਕਸਾਲ ਦੇ ਮੁੱਖੀ ਬਾਬਾ ਹਰਨਾਮ ਸਿੰਘ ਖਾਲਸਾ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖੀ ਬਾਬਾ ਬਲਬੀਰ ਸਿੰਘ 96ਵੇਂ ਕਰੌੜੀ, ਦਲ ਬਾਬਾ ਬਿਧੀ ਚੰਦ ਦੇ ਮੁੱਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਕਥਾਵਾਚਕ ਗਿਆਨੀ ਜਸਵੰਤ ਸਿੰਘ, ਗਿਆਨੀ ਸੁਖਵਿੰਦਰ ਸਿੰਘ ਹਜ਼ੂਰ ਸਾਹਿਬ, ਦਿੱਲੀ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਅਤੇ ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਰੋਡੇ ਨੇ ਵੀ ਸੰਬੋਧਨ ਕਰਦਿਆਂ ਗਿਆਨੀ ਜਗਤਾਰ ਸਿੰਘ ਸ਼ਰਧਾ ਭੇਟ ਕੀਤੀ। ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਗਿਆਨੀ ਜਗਤਾਰ ਸਿੰਘ ਦੇ ਸਪੁੱਤਰ ਸ. ਮਹਿੰਦਰ ਸਿੰਘ ਤੇ ਸ. ਨਰੈਣ ਸਿੰਘ ਨੂੰ ਦਸਤਾਰਾਂ ਭੇਟ ਕੀਤੀਆਂ ਗਈਆਂ।
Leave a Reply