ਸਿੱਖ ਇਕ ਵੱਖਰੀ ਤੇ ਨਿਰਾਲੀ ਕੌਮ, ਇਸ ਦੀ ਪਛਾਣ ਤੇ ਸੱਭਿਆਚਾਰ ਬਿਲਕੁਲ ਮੌਲਿਕ – ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਅੰਮ੍ਰਿਤਸਰ (ਟਾਈਮਜ਼ ਬਿਓਰੋ) ਸਿੱਖ ਇੱਕ ਵੱਖਰੀ ਕੌਮ ਹੈ, ਇਸ ਦੀ ਪਛਾਣ ਨਿਰਾਲੀ ਹੈ ਜੋ ਇਸ ਦੀ ਮੌਲਿਕਤਾ ਅਤੇ ਵਿਲੱਖਣਤਾ ਨੂੰ ਦਰਸਾਉਂਦੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਰਐਸਐਸ ਮੁਖੀ ਸ੍ਰੀ ਮੋਹਨ ਭਾਗਵਤ ਦੇ ਬਿਆਨ ਦਾ ਜਵਾਬ ਦਿੰਦਿਆਂ ਕੀਤਾ। ਸ਼੍ਰੋਮਣੀ ਕਮੇਟੀ ਪ੍ਰਧਾਨ ਗੁਰਦੁਆਰਾ ਗੁਰੂਸਰ ਸਾਹਿਬ ਕਾਉਂਕੇ, ਜਗਰਾਓਂ ਵਿਖੇ ਨਵੇਂ ਦਰਬਾਰ ਹਾਲ ਦੇ ਉਦਘਾਟਨ ਸਮਾਗਮ ਵਿਚ ਸ਼ਾਮਿਲ ਹੋਣ ਲਈ ਪੁੱਜੇ ਹੋਏ ਸਨ।
ਇਸ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਆਏ ਦਿਨ ਆਰਐਸਐਸ ਆਗੂ ਸ੍ਰੀ ਮੋਹਨ ਭਾਗਵਤ ਆਪਣੇ ਮਨ ਨੂੰ ਧਰਵਾਸ ਦੇਣ ਲਈ ਭਾਰਤ ‘ਚ ਰਹਿਣ ਵਾਲੇ ਹਰ ਵਿਅਕਤੀ ਨੂੰ ਹਿੰਦੂ ਹੋਣ ਦਾ ਫਤਵਾ ਦੇ ਦਿੰਦੇ ਹਨ। ਉਨ੍ਹਾਂ ਕਿਹਾ ਕਿ ਭਾਰਤ ਨੂੰ ਹਿੰਦੂ ਰਾਸ਼ਟਰ ਕਹਿਣ ਵਾਲੇ ਇਹਨਾਂ ਲੋਕਾਂ ਨੂੰ ਇੱਕ ਵਾਰ ਭਾਰਤ ਅਤੇ ਖਾਸਕਰ ਸਿੱਖਾਂ ਦਾ ਇਤਿਹਾਸ ਜਰੂਰ ਪੜ੍ਹ ਲੈਣਾ ਚਾਹੀਦਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਭਾਰਤ ਵਿਚ ਰਹਿਣ ਵਾਲੇ ਸਾਰੇ ਲੋਕ ਹਿੰਦੂ ਨਹੀਂ ਹਨ। ਸਿੱਖਾਂ ਦਾ ਆਪਣਾ ਵਿਲੱਖਣ ਖਾਸਾ ਹੈ, ਜਿਸ ਨੂੰ ਕੋਈ ਵੀ ਰਲਗੱਡ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਭਾਰਤ ਕਿਸੇ ਇੱਕ ਧਰਮ ਦਾ ਨਹੀਂ ਹੈ। ਉਨ੍ਹਾਂ ਕਿਹਾ ਕਿ ਸਿੱਖ ਹਮੇਸ਼ਾ ਆਪਣੇ ਧਰਮ ਦੀਆਂ ਰਵਾਇਤਾਂ ਅਨੁਸਾਰ ਦੇਸ਼ ਲਈ ਖੜਦੇ ਹਨ। ਹਰ ਸੰਕਟ ਸਮੇਂ ਸਿੱਖਾਂ ਦੇ ਯੋਗਦਾਨ ਨੂੰ ਘੱਟ ਕਰਕੇ ਨਹੀਂ ਦੇਖਿਆ ਜਾ ਸਕਦਾ। ਉਨ੍ਹਾਂ ਆਰਐਸਐਸ ਮੁਖੀ ਨੂੰ ਵਿਵਾਦਤ ਬਿਆਨ ਦੇਣ ਤੋਂ ਸੰਕੋਚ ਕਰਨ ਦੀ ਸਲਾਹ ਦਿੱਤੀ। ਇਸੇ ਦੌਰਾਨ ਗੁਰਦੁਆਰਾ ਗੁਰੂਸਰ ਸਾਹਿਬ ਕਾਉਂਕੇ ਵਿਖੇ ਨਵੇਂ ਬਣੇ ਦਰਬਾਰ ਹਾਲ ਦੀ ਐਡਵੋਕੇਟ ਧਾਮੀ ਨੇ ਸੰਗਤ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਗੁਰਦੁਆਰਾ ਸਾਹਿਬਾਨ ਅੰਦਰ ਸੰਗਤ ਦੀਆਂ ਭਾਵਨਾਵਾਂ ਅਨੁਸਾਰ ਕਾਰਜ ਕਰਵਾਉਦੀਂ ਰਹਿੰਦੀ ਹੈ। ਇਸੇ ਤਹਿਤ ਹੀ ਗੁਰਦੁਆਰਾ ਗੁਰੂਸਰ ਸਾਹਿਬ ਕਾਉਂਕੇ ਦਾ ਨਵਾਂ ਦਰਬਾਰ ਤਿਆਰ ਕਰਵਾਇਆ ਗਿਆ ਹੈ। ਉਨ੍ਹਾਂ ਦਰਬਾਰ ਤਿਆਰ ਕਰਨ ਦੀਆਂ ਸੇਵਾਵਾਂ ਨਿਭਾਉਣ ਲਈ ਬਾਬਾ ਨਰਿੰਦਰ ਸਿੰਘ ਤੇ ਬਾਬਾ ਬਲਵਿੰਦਰ ਸਿੰਘ ਸ੍ਰੀ ਹਜ਼ੂਰ ਸਾਹਿਬ ਵਾਲਿਆਂ ਦਾ ਧੰਨਵਾਦ ਕੀਤਾ।

Be the first to comment

Leave a Reply

Your email address will not be published.


*