ਅੰਮ੍ਰਿਤਸਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਥ ਦੇ ਪ੍ਰਸਿੱਧ ਰਾਗੀ ਭਾਈ ਦਰਸ਼ਨ ਸਿੰਘ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਭਾਈ ਦਰਸ਼ਨ ਸਿੰਘ ਪ੍ਰਦਮਸ੍ਰੀ ਸਵਰਗੀ ਭਾਈ ਨਿਰਮਲ ਸਿੰਘ ਖਾਲਸਾ ਦੇ ਲੰਮਾਂ ਸਮਾਂ ਸਾਥੀ ਰਹੇ ਹਨ। ਉਨ੍ਹਾਂ ਦੇ ਅਕਾਲ ਚਲਾਣੇ ਨੂੰ ਐਡਵੋਕੇਟ ਧਾਮੀ ਨੇ ਪੰਥ ਅਤੇ ਸਿੱਖੀ ਪ੍ਰਚਾਰ ਦੇ ਖੇਤਰ ਵਿਚ ਵੱਡਾ ਘਾਟਾ ਕਰਾਰ ਦਿੱਤਾ। ਅੱਜ ਭਾਈ ਦਰਸ਼ਨ ਸਿੰਘ ਦੇ ਗ੍ਰਹਿ ਵਿਖੇ ਪੁੱਜ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਵਿਛੜੀ ਨਮਿਤ ਅਰਦਾਸ ਕੀਤੀ। ਐਡਵੋਕੇਟ ਧਾਮੀ ਨੇ ਆਖਿਆ ਕਿ ਭਾਈ ਦਰਸ਼ਨ ਸਿੰਘ ਸਿੱਖ ਪੰਥ ਦੇ ਮੋਹਰੀ ਰਾਗੀਆਂ ਵਿਚ ਸਨ, ਜਿਨ੍ਹਾਂ ਨੇ ਦੇਸ਼ ਵਿਦੇਸ਼ ਅੰਦਰ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਸਿੱਖੀ ਨਾਲ ਜੋੜਿਆ। ਅਜਿਹੇ ਸਮਰਪਤ ਰਾਗੀ ਦਾ ਚਲਾਣਾ ਬੇਹੱਦ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਭਾਈ ਦਰਸ਼ਨ ਸਿੰਘ ਦੀ ਘਾਟ ਸਿੱਖ ਪੰਥ ਅੰਦਰ ਸਦਾ ਰੜਕਦੀ ਰਹੇਗੀ। ਭਾਈ ਦਰਸ਼ਨ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਕਰਨ ਮੌਕੇ ਐਡਵੋਕੇਟ ਧਾਮੀ ਨੇ ਨਾਲ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸ. ਸ਼ਾਹਬਾਜ਼ ਸਿੰਘ, ਮੈਨੇਜਰ ਸ. ਸਤਨਾਮ ਸਿੰਘ ਰਿਆੜ ਵੀ ਮੌਜੂਦ ਸਨ।
Leave a Reply