ਅਧਿਆਪਕ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਦੌਰਾਨ 80 ਅਧਿਆਪਕਾਂ ਦਾ ਹੋਇਆ ਸਨਮਾਨ ਸਿੱਖਿਆ ਖੇਤਰ ਦੀ ਤਰੱਕੀ ਲਈ ਮੁੱਖ ਮੰਤਰੀ ਵੱਲੋਂ ਅਹਿਮ ਐਲਾਨ

ਮੋਗਾ (ਟਾਈਮਜ਼ ਬਿਓਰੋ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਮਨੁੱਖੀ ਸਰੋਤਾਂ ਦੇ ਵਿਸਤਾਰ ਤਹਿਤ ਸਿੱਖਿਆ ਵਿਭਾਗ ਵਿੱਚ ਵੱਡੇ ਪੱਧਰ ਉਤੇ ਭਰਤੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ ।
ਅਧਿਆਪਕ ਦਿਵਸ ਮੌਕੇ ਮੋਗਾ ਵਿਖੇ ਸੂਬਾ ਪੱਧਰੀ ਸਮਾਗਮ ਦੌਰਾਨ 80 ਅਧਿਆਪਕਾਂ ਦਾ ਸਨਮਾਨ ਕਰਨ ਤੋਂ ਪਹਿਲਾਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਵੱਡੀ ਗਿਣਤੀ ਆਸਾਮੀਆਂ ਖ਼ਾਲੀ ਪਈਆਂ ਹਨ, ਜਿਸ ਕਾਰਨ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਿੱਖਿਆ ਦੇ ਖ਼ੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਤਹਿਤ ਪੰਜਾਬ ਸਰਕਾਰ ਨੇ ਸਿੱਖਿਆ ਵਿਭਾਗ ਵਿੱਚ ਵੱਡੇ ਪੱਧਰ ਉਤੇ ਭਰਤੀ ਮੁਹਿੰਮ ਚਲਾਉਣ ਦਾ ਫੈਸਲਾ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੈਂਪਸ ਮੈਨੇਜਰਾਂ, ਸਫ਼ਾਈ ਕਰਮਚਾਰੀਆਂ, ਚੌਕੀਦਾਰਾਂ ਤੇ ਸੁਰੱਖਿਆ ਗਾਰਡਾਂ ਸਣੇ ਆਉਣ ਵਾਲੇ ਦਿਨਾਂ ਵਿੱਚ ਵੱਡੀ ਗਿਣਤੀ ਵਿੱਚ ਆਸਾਮੀਆਂ ਭਰੀਆਂ ਜਾਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਜਲਦੀ ਹੀ ਸਕੂਲ ਆਫ਼ ਐਮੀਨੈਂਸ ਦੀ ਸ਼ੁਰੂਆਤ ਕਰ ਕੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਦੇ ਨਵੇਂ ਯੁੱਗ ਦਾ ਮੁੱਢ ਬੰਨ੍ਹਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੂਲਾਂ ਦੀ ਸਥਾਪਨਾ ਲਈ 68 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ ਅਤੇ ਪਹਿਲਾ ਸਕੂਲ ਆਫ਼ ਐਮੀਨੈਂਸ 13 ਸਤੰਬਰ ਨੂੰ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਅਤਿ-ਆਧੁਨਿਕ ਸਕੂਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਨ ਲਈ ਇਕ ਪ੍ਰੇਰਕ ਵਜੋਂ ਕੰਮ ਕਰਨਗੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਸਕੂਲਾਂ ਦੀ ਕਾਇਆ-ਕਲਪ ਕਰਨ ਲਈ ਪੰਜਾਬ ਭਰ ਦੇ ਸਕੂਲਾਂ ਦੇ 10 ਹਜ਼ਾਰ ਕਲਾਸਰੂਮਾਂ ਨੂੰ ਨਵੀਂ ਦਿੱਖ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲਾਸਰੂਮਾਂ ਵਿੱਚ ਨਵੀਂ ਤਰ੍ਹਾਂ ਦਾ ਫਰਨੀਚਰ ਦਿੱਤਾ ਜਾਵੇਗਾ ਤਾਂ ਕਿ ਅਧਿਆਪਕ ਹਰੇਕ ਵਿਦਿਆਰਥੀ ਦੀ ਕਾਰਗੁਜ਼ਾਰੀ ਨੂੰ ਧਿਆਨ ਨਾਲ ਦੇਖ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤੋਂ ਇਲਾਵਾ ਸੂਬੇ ਵਿੱਚ ਇਕ ਹਜ਼ਾਰ ਨਵੇਂ ਕਲਾਸਰੂਮਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਸਿੱਖਿਆ ਪ੍ਰਣਾਲੀ ਨੂੰ ਵਿਆਪਕ ਪੱਧਰ ਉਤੇ ਸੁਧਾਰਨ ਉਤੇ ਸਭ ਤੋਂ ਵੱਧ ਧਿਆਨ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਕੂਲਾਂ ਦੇ ਪ੍ਰਿੰਸੀਪਲਾਂ ਤੇ ਅਧਿਆਪਕਾਂ ਦੇ ਜਥਿਆਂ ਨੂੰ ਦੇਸ਼ ਤੇ ਵਿਦੇਸ਼ਾਂ ਦੀਆਂ ਪ੍ਰਸਿੱਧ ਸਿੱਖਿਆ ਸੰਸਥਾਵਾਂ ਵਿੱਚ ਸਿਖਲਾਈ ਲਈ ਭੇਜ ਰਹੀ ਹੈ ਤਾਂ ਕਿ ਉਹ ਅਧਿਆਪਨ ਦੀਆਂ ਆਧੁਨਿਕ ਤਕਨੀਕਾਂ ਸਿੱਖ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਮੰਤਵ ਇਹ ਯਕੀਨੀ ਬਣਾਉਣਾ ਹੈ ਕਿ ਸਿੱਖਿਆ ਖ਼ੇਤਰ ਵਿੱਚ ਵਿਸ਼ਵ ਭਰ ਵਿੱਚ ਚੱਲ ਰਹੀਆਂ ਆਧੁਨਿਕ ਕਵਾਇਦਾਂ ਬਾਰੇ ਅਧਿਆਪਕ ਜਾਣੂੰ ਹੋ ਸਕਣ।

Be the first to comment

Leave a Reply

Your email address will not be published.


*