ਆਪ ਸਰਕਾਰ ਨੇ 12,710 ਕੱਚੇ ਅਧਿਆਪਕਾਂ ਨੂੰ ਕੀਤਾ ਰੈਗੂਲਰ

ਅਧਿਆਪਕ ਵਰਗ ਨਾਲ ਕੀਤਾ ਵੱਡਾ ਵਾਅਦਾ ਪੁਗਾਇਆ.. ਮੁੱਖ ਮੰਤਰੀ

ਸਰਕਾਰੀ ਸਕੂਲਾਂ ਦੇ ਵੀਹ ਹਜ਼ਾਰ ਵਿਦਿਆਰਥੀਆਂ ਲਈ ਮੁਫ਼ਤ ਬੱਸ ਸੇਵਾ ਲਈ 21 ਕਰੋੜ ਰੁਪਏ ਜਾਰੀ

ਚੰਡੀਗੜ੍ਹ (ਟਾਈਮਜ਼ ਬਿਓਰੋ) ਸੂਬੇ ਵਿੱਚ ‘ਨਵੇਂ ਯੁੱਗ ਦੀ ਸ਼ੁਰੂਆਤ’ ਦੀ ਦਿਸ਼ਾ ਵਿੱਚ ਕਦਮ ਪੁੱਟਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਸਿੱਖਿਆ ਵਿਭਾਗ ਵਿੱਚ ਕੰਮ ਕਰ ਰਹੇ 12,710 ਠੇਕਾ ਆਧਾਰਤ ਅਧਿਆਪਕਾਂ ਨੂੰ ਰੈਗੂਲਰ ਨਿਯੁਕਤੀ ਦੇ ਪੱਤਰ ਸੌਂਪ ਕੇ ਅਧਿਆਪਕ ਵਰਗ ਨਾਲ ਕੀਤੇ ਵੱਡੇ ਵਾਅਦਾ ਨੂੰ ਪੂਰਾ ਕਰ ਦਿਖਾਇਆ ਹੈ।
ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿਖੇ ਹੋਏ ਇਕ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਅਹੁਦਾ ਸੰਭਾਲਣ ਤੋਂ ਬਾਅਦ ਸਾਰੀਆਂ ਕਾਨੂੰਨੀ ਅਤੇ ਪ੍ਰਸ਼ਾਸਨਿਕ ਅੜਚਣਾਂ ਨੂੰ ਪਾਰ ਕਰਦਿਆਂ ਇਨ੍ਹਾਂ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ `ਤੇ ਜ਼ੋਰ ਦਿੱਤਾ ਹੈ।ਭਗਵੰਤ ਮਾਨ ਨੇ ਕਿਹਾ ਕਿ ਇਸ ਫੈਸਲੇ ਦਾ ਮੰਤਵ ਅਧਿਆਪਕਾਂ ਦੇ ਸੁਰੱਖਿਅਤ ਭਵਿੱਖ ਨੂੰ ਯਕੀਨੀ ਬਣਾਉਣਾ ਹੈ ਕਿਉਂਕਿ ਉਨ੍ਹਾਂ ਦਾ ਵਿਸ਼ਵਾਸ ਹੈ ਕਿ ਜੇ ਅਧਿਆਪਕਾਂ ਦਾ ਭਵਿੱਖ ਸੁਰੱਖਿਅਤ ਹੈ ਤਾਂ ਹੀ ਉਹ ਵਿਦਿਆਰਥੀਆਂ ਦੀ ਕਿਸਮਤ ਨੂੰ ਬਦਲ ਸਕਦੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੇ ਗਏ ਠੋਸ ਉਪਰਾਲਿਆਂ ਸਦਕਾ ਹੀ ਅੱਜ ਇਹ ਇਤਿਹਾਸਕ ਦਿਨ ਦੇਖਣ ਨੂੰ ਮਿਲ ਰਿਹਾ ਹੈ। ਹੋਰ ਮੁਲਾਜ਼ਮਾਂ ਨਾਲ ਆਪਣੀ ਭਾਵੁਕ ਸਾਂਝ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਰ ਮੁਲਾਜ਼ਮ ਦੀ ਸਮੱਸਿਆ ਦਾ ਹੱਲ ਕੀਤਾ ਜਾਵੇਗਾ, ਜਿਸ ਲਈ ਸੂਬਾ ਸਰਕਾਰ ਪਹਿਲਾਂ ਹੀ ਹਰ ਸੰਭਵ ਯਤਨ ਕਰ ਰਹੀ ਹੈ। ਇਹ ਆਖਦਿਆਂ ਕਿ ਉਹ ਅਧਿਆਪਕ ਵਰਗ ਨੂੰ ਦਰਪੇਸ਼ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਮੌਜੂਦ ਹਨ, ਭਗਵੰਤ ਮਾਨ ਨੇ ਕਿਹਾ ਕਿ ਉਹ ਇੱਕ ਅਧਿਆਪਕ ਦੇ ਪੁੱਤਰ ਹੋਣ ਦੇ ਨਾਤੇ ਅਧਿਆਪਕਾਂ ਦੀਆਂ ਸਮੱਸਿਆਵਾਂ ਨੂੰ ਚੰਗੀ ਤਰ੍ਹਾਂ ਜਾਣਦੇ ਹਨ ਅਤੇ ਅਧਿਆਪਕਾਂ ਨੂੰ ਦਰਪੇਸ਼ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰਨਾ ਉਨ੍ਹਾਂ ਦਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਖਜ਼ਾਨਾ ਲੋਕਾਂ ਦਾ ਹੈ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਇਕ-ਇਕ ਪੈਸਾ ਸਮਝਦਾਰੀ ਨਾਲ ਵਰਤਿਆ ਜਾਵੇਗਾ । ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਜਲਦ ਹੀ ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ ਵਿਦਿਆਰਥਣਾਂ ਲਈ ਬੱਸ ਸੇਵਾ ਸ਼਼ੁਰੂ ਕਰੇਗੀ ਅਤੇ ਇਸ ਲਈ 20,000 ਵਿਦਿਆਰਥੀਆਂ ਲਈ ਪਾਇਲਟ ਪ੍ਰੋਜੈਕਟ ਸ਼ੁਰੂ ਕੀਤਾ ਜਾਵੇਗਾ, ਜਿਸ ਵਿੱਚ 12,000 ਲੜਕੀਆਂ ਅਤੇ 8,000 ਲੜਕੇ ਸ਼ਾਮਲ ਹੋਣਗੇ। ਉਨ੍ਹਾਂ ਦੱਸਿਆ ਕਿ ਇਸ ਸਕੀਮ ਲਈ 21 ਕਰੋੜ ਰੁਪਏ ਦਾ ਬਜਟ ਪਾਸ ਕੀਤਾ ਜਾ ਚੁੱਕਾ ਹੈ, ਜਿਸ ਦਾ ਉਦੇਸ਼ ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ ਵਿਦਿਆਰਥਣਾਂ ਨੂੰ ਸਹੂਲਤਾਂ ਪ੍ਰਦਾਨ ਕਰਨਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਬੱਸਾਂ ਨੂੰ ਜੀ.ਪੀ.ਐੱਸ. ਸਿਸਟਮ ਨਾਲ ਲੈੱਸ ਕੀਤਾ ਜਾਵੇਗਾ ਤਾਂ ਜੋ ਮਾਪੇ ਬੱਸਾਂ ਦੀ ਆਵਾਜਾਈ `ਤੇ ਨਜ਼ਰ ਰੱਖ ਸਕਣ। ਉਨ੍ਹਾਂ ਅੱਗੇ ਕਿਹਾ ਕਿ ਇਹ ਕਦਮ ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ ਲੜਕੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਦਿਸ਼ਾ ਵੱਲ ਅਹਿਮ ਭੂਮਿਕਾ ਨਿਭਾਏਗਾ ।

Be the first to comment

Leave a Reply

Your email address will not be published.


*