ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਮੁਹੰਮ ਤਹਿਤ 13 ਮਹੀਨਿਆਂ ਵਿੱਚ ਪੰਜਾਬ ਪੁਲਿਸ ਨੇ 2643 ਵੱਡੀਆਂ ਮੱਛੀਆਂ ਸਮੇਤ 18079 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ; 1407 ਕਿਲੋ ਹੈਰੋਇਨ ਬਰਾਮਦ

ਚੰਡੀਗੜ੍ਹ (ਟਾਈਮਜ਼ ਬਿਓਰੋ) ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਫੈਸਲਾਕੁੰਨ ਮੁਹਿੰਮ ਦੇ 13 ਮਹੀਨੇ ਪੂਰੇ ਹੋ ਗਏ ਹਨ ਜਿਸ ਤਹਿਤ ਪੰਜਾਬ ਪੁਲਿਸ ਨੇ 5 ਜੁਲਾਈ 2022 ਤੋਂ ਹੁਣ ਤੱਕ 2643 ਵੱਡੀਆਂ ਮੱਛੀਆਂ ਸਮੇਤ 18079 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।ਕਾਬਿਲੇਗੌਰ ਹੈ ਕਿ ਪੁਲਿਸ ਵੱਲੋਂ ਕੁੱਲ 13458 ਐਫਆਈਆਰਜ਼ ਦਰਜ ਕੀਤੀਆਂ ਹਨ ਜਿਨ੍ਹਾਂ ਵਿੱਚੋਂ 1630 ਵਪਾਰਕ ਮਾਮਲਿਆਂ ਨਾਲ ਸਬੰਧਤ ਹਨ।
ਚੰਡੀਗੜ੍ਹ ਵਿੱਚ ਸੋਮਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.ਪੀ.) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਹੈ ਕਿ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ ਸੰਵੇਦਨਸ਼ੀਲ ਥਾਵਾਂ ‘ਤੇ ਨਾਕੇ ਲਗਾਉਣ ਤੋਂ ਇਲਾਵਾ ਨਸ਼ਾ ਪ੍ਰਭਾਵਿਤ ਇਲਾਕਿਆਂ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮਾਂ ਚਲਾਉਂਦਿਆਂ 1259.66 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਗੁਜਰਾਤ ਅਤੇ ਮਹਾਰਾਸ਼ਟਰ ਦੀਆਂ ਸਮੁੰਦਰੀ ਬੰਦਰਗਾਹਾਂ ਤੋਂ 147.5 ਕਿਲੋਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਗਈ ਸੀ, ਜਿਸ ਨਾਲ ਸਿਰਫ਼ 13 ਮਹੀਨਿਆਂ ਵਿੱਚ ਹੈਰੋਇਨ ਦੀ ਕੁੱਲ ਰਿਕਵਰੀ 1407.16 ਕਿਲੋ ਹੋ ਗਈ ਹੈ।
ਆਈ.ਜੀ.ਪੀ. ਨੇ ਦੱਸਿਆ ਕਿ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਨੇ ਸੂਬੇ ਭਰ ਵਿੱਚੋਂ 837.42 ਕਿਲੋ ਅਫੀਮ, 951.37 ਕਿਲੋ ਗਾਂਜਾ, 404.45 ਕੁਇੰਟਲ ਭੁੱਕੀ ਅਤੇ 89 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਬਰਾਮਦ ਕੀਤੀਆਂ ਹਨ। ਇਸ ਤੋਂ ਇਲਾਵਾ ਪੁਲਿਸ ਨੇ ਪਿਛਲੇ 13 ਮਹੀਨਿਆਂ ਦੌਰਾਨ ਫੜੇ ਗਏ ਨਸ਼ਾ ਤਸਕਰਾਂ ਤੋਂ 13.29 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।
ਹਫ਼ਤਾਵਾਰੀ ਅਪਡੇਟ ਦਿੰਦਿਆਂ, ਆਈਜੀਪੀ ਨੇ ਦੱਸਿਆ ਕਿ ਪਿਛਲੇ ਹਫ਼ਤੇ ਪੁਲਿਸ ਨੇ 316 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫਤਾਰ ਕਰਕੇ 231 ਐਫਆਈਆਰਜ਼, ਜਿਨ੍ਹਾਂ ਵਿੱਚੋਂ 30 ਵਪਾਰਕ ਮਾਮਲਿਆਂ ਨਾਲ ਸਬੰਧਤ ਹਨ, ਦਰਜ ਕਰਦਿਆਂ 99.12 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਦੱਸਣਯੋਗ ਹੈ ਕਿ ਪੁਲਿਸ ਨੇ ਪਿਛਲੇ ਹਫ਼ਤੇ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ 9.20 ਕਿਲੋ ਅਫੀਮ, 11.40 ਕਿਲੋ ਗਾਂਜਾ, 3.47 ਕੁਇੰਟਲ ਭੁੱਕੀ, 36018 ਗੋਲੀਆਂ/ਕੈਪਸੂਲ/ਟੀਕੇ/ਫਾਰਮਾ ਓਪੀਓਡ ਦੀਆਂ ਸ਼ੀਸ਼ੀਆਂ ਬਰਾਮਦ ਕਰਨ ਤੋਂ ਇਲਾਵਾ 3.31 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।
ਸ੍ਰ. ਗਿੱਲ ਨੇ ਕਿਹਾ ਕਿ ਪਿਛਲੇ ਹਫ਼ਤੇ ਐਨਡੀਪੀਐਸ ਦੇ ਕੇਸਾਂ ਵਿੱਚ 13 ਹੋਰ ਵਿਅਤੀਆਂ ਦੀ ਗ੍ਰਿਫ਼ਤਾਰੀ ਨਾਲ 5 ਜੁਲਾਈ, 2022 ਨੂੰ ਪੀ.ਓਜ਼/ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਲਈ ਵਿੱਢੀ ਵਿਸ਼ੇਸ਼ ਮੁਹਿੰਮ ਤਹਿਤ ਹੁਣ ਤੱਕ 1026 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

Be the first to comment

Leave a Reply

Your email address will not be published.


*