ਮੁੱਖ ਮੰਤਰੀ ਨੇ ਹੜ੍ਹ ਪੀੜਤ ਲੋਕਾਂ ਨਾਲ ਕੀਤਾ ਵਾਅਦਾ ਨਿਭਾਇਆ, ਮੁਆਵਜ਼ੇ ਦੇ ਚੈੱਕ ਸੌਂਪੇ

ਪਟਿਆਲਾ( ਟਾਈਮਜ਼ ਬਿਓਰੋ ) ਸੂਬੇ ਵਿਚ ਹਾਲ ਹੀ ’ਚ ਆਏ ਹੜ੍ਹਾਂ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਲੋਕਾਂ ਨਾਲ ਕੀਤੇ ਵਾਅਦੇ ਨੂੰ ਨਿਭਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਭਰਪਾਈ ਲਈ ਪੀੜਤ ਲੋਕਾਂ ਨੂੰ ਮੁਆਵਜ਼ੇ ਦੇ ਚੈੱਕ ਸੌਂਪੇ। ਪਟਿਆਲਾ ਵਿਖੇ ਆਜ਼ਾਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਭਰ ਵਿੱਚ ਕਰਵਾਈ ਗਈ ਵਿਸ਼ੇਸ਼ ਗਿਰਦਾਵਰੀ ਤੋਂ ਬਾਅਦ ਮੁਆਵਜ਼ਾ ਤੈਅ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੜ੍ਹਾਂ ਤੋਂ ਪੀੜਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮਨੋਰਥ ਲਈ ਸੂਬਾ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ ਅਤੇ ਪ੍ਰਭਾਵਿਤ ਲੋਕਾਂ ਨੂੰ ਰਾਹਤ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਖੁਦ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਜ਼ਮੀਨੀ ਸਥਿਤੀ ਦਾ ਪਤਾ ਲੈਂਦੇ ਰਹੇ ਹਨ ਅਤੇ ਹੁਣ ਪ੍ਰਭਾਵਿਤ ਜ਼ਿਲ੍ਹਿਆਂ ਦੇ ਲੋਕਾਂ ਦੀ ਮਦਦ ਲਈ ਪੂਰੀ ਵਾਹ ਲਾਈ ਜਾਵੇਗੀ। ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਪਤਾ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਗਏ ਸਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਅਧਿਕਾਰੀਆਂ ਨੂੰ 15 ਅਗਸਤ ਤੱਕ ਹਰ ਹਾਲ ਵਿਚ ਵਿਸ਼ੇਸ਼ ਗਿਰਦਾਵਰੀ ਦਾ ਕੰਮ ਮੁਕੰਮਲ ਕਰਨ ਦੇ ਹੁਕਮ ਦਿੱਤੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਫਸਲ, ਜਾਨਵਰ, ਘਰ ਜਾਂ ਹੋਰ ਨੁਕਸਾਨ ਨੂੰ ਵਿਸ਼ੇਸ਼ ਗਿਰਦਾਵਰੀ ਹੇਠ ਲਿਆਂਦਾ ਗਿਆ ਤਾਂ ਇਸ ਨੁਕਸਾਨ ਦੀ ਭਰਪਾਈ ਕੀਤੀ ਜਾ ਸਕੇ। ਉਨ੍ਹਾਂ ਨੇ ਦੁੱਖ ਨਾਲ ਕਿਹਾ ਕਿ ਹੜ੍ਹਾਂ ਨਾਲ ਸੂਬੇ ਦੇ 19 ਜ਼ਿਲ੍ਹਿਆਂ ਦੇ 1495 ਪਿੰਡ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਪੀੜਤ ਲੋਕਾਂ ਨੂੰ ਨੁਕਸਾਨ ਦੇ ਇਕ-ਇਕ ਪੈਸੇ ਦਾ ਮੁਆਵਜ਼ਾ ਦੇਵੇਗੀ।

Be the first to comment

Leave a Reply

Your email address will not be published.


*