ਸ਼੍ਰੋਮਣੀ ਕਮੇਟੀ ਵੱਲੋਂ ਉੱਤਰ ਪ੍ਰਦੇਸ਼ ਦੇ ਮਗਹਰ ’ਚ ਗੁਰਦੁਆਰਾ ਭਗਤ ਕਬੀਰ ਜੀ ਵਿਖੇ ਵਿਸ਼ਾਲ ਗੁਰਮਤਿ ਸਮਾਗਮ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਰਾਂ ਅਤੇ ਲੰਗਰ ਹਾਲ ਦਾ ਰੱਖਿਆ ਨੀਂਹ ਪੱਥਰ

ਅੰਮ੍ਰਿਤਸਰ, 5 ਜੂਨ- ਸਿੱਖ ਪੰਥ ਦੀ ਨੁਮਾਇੰਦਾ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਉੱਤਰ ਪ੍ਰਦੇਸ਼ ਸਿੱਖ ਮਿਸ਼ਨ ਹਾਪੜ ਰਾਹੀਂ ਸੰਗਤਾਂ ਦੇ ਸਹਿਯੋਗ ਨਾਲ ਭਗਤ ਕਬੀਰ ਜੀ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਭਗਤ ਕਬੀਰ ਜੀ ਮਗਹਰ (ਗੋਰਖਪੁਰ) ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮਾਗਮ ’ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਧਰਮ ਪ੍ਰਚਾਰ ਲਹਿਰ ਦੇ ਮੁਖੀ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਅਤੇ ਸਕੱਤਰ ਸ. ਬਲਵਿੰਦਰ ਸਿੰਘ ਕਹਾਲਵਾਂ ਨੇ ਵਿਸ਼ੇਸ਼ ’ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਸੰਗਤਾਂ ਦੀ ਮੰਗ ਅਨੁਸਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਦੇ ਠਹਿਰਣ ਲਈ ਸਰਾਂ (ਯਾਤਰੀ ਨਿਵਾਸ) ਅਤੇ ਲੰਗਰ ਹਾਲ ਦਾ ਨੀਂਹ ਪੱਥਰ ਵੀ ਰੱਖਿਆ, ਜਿਸ ਦੀ ਕਾਰਸੇਵਾ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵੱਲੋਂ ਕਰਵਾਈ ਜਾਵੇਗੀ।

ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਭਗਤ ਵਜੋਂ ਸਤਿਕਾਰੇ ਜਾਂਦੇ ਭਗਤ ਕਬੀਰ ਜੀ ਨੇ ਕ੍ਰਾਂਤੀਕਾਰੀ ਉਪਦੇਸ਼ਾਂ ਰਾਹੀਂ ਧਾਰਮਿਕ ਨਿਘਾਰ ’ਤੇ ਕਰਾਰੀ ਚੋਟ ਮਾਰੀ। ਭਗਤ ਕਬੀਰ ਜੀ ਨੇ ਮਾਨਵਤਾ ਨੂੰ ਸੱਚ ਦਾ ਉਪਦੇਸ਼ ਦਿੰਦਿਆਂ ਸਮਾਜ ਵਿਚ ਆ ਚੁੱਕੀਆਂ ਕੁਰੀਤੀਆਂ ਦਾ ਵਿਰੋਧ ਕੀਤਾ ਅਤੇ ਕਰਤਾ ਪੁਰਖ ਦੀ ਭਗਤੀ ਲਈ ਪ੍ਰੇਰਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੰਗਤਾਂ ਨੂੰ ਭਗਤ ਕਬੀਰ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਉਨ੍ਹਾਂ ਦੇ ਉਪਦੇਸ਼ਾਂ ’ਤੇ ਚੱਲਣ ਦੀ ਅਪੀਲ ਕੀਤੀ। ਐਡਵੋਕੇਟ ਧਾਮੀ ਨੇ ਇਸ ਮੌਕੇ ਉਤਰ ਪ੍ਰਦੇਸ਼ ਅੰਦਰ ਚੱਲ ਰਹੇ ਧਰਮ ਪ੍ਰਚਾਰ ਕਾਰਜਾਂ ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਇਸ ਨੂੰ ਭਵਿੱਖ ਵਿਚ ਨਿਰੰਤਰ ਜਾਰੀ ਰੱਖਣ ਦੀ ਵਚਨਬੱਧਤਾ ਪ੍ਰਗਟਾਈ ਅਤੇ ਲੋੜ ਅਨੁਸਾਰ ਪ੍ਰਚਾਰਕ ਜਥੇ ਭੇਜੇ ਜਾਣ ਦਾ ਵੀ ਜ਼ਿਕਰ ਕੀਤਾ।

ਇਸ ਮੌਕੇ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਸ. ਬਲਵਿੰਦਰ ਸਿੰਘ ਕਹਾਲਵਾਂ ਨੇ ਵੀ ਸੰਬੋਧਨ ਕੀਤਾ। ਇਸ ਤੋਂ ਪਹਿਲਾਂ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਭਾਈ ਬਲਦੇਵ ਸਿੰਘ ਓਗਰਾ ਅਤੇ ਢਾਡੀ ਗਿਆਨੀ ਗੁਰਮੀਤ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਅਤੇ ਸਿੱਖ ਇਤਿਹਾਸ ਦੀ ਸਾਂਝ ਪਾਈ।

ਇਸ ਮੌਕੇ ਬਾਬਾ ਸੁਖਵਿੰਦਰ ਸਿੰਘ ਕਾਰਸੇਵਾ ਭੂਰੀ ਵਾਲੇ, ਬੀਬੀ ਪਰਮਜੀਤ ਸਿੰਘ ਰਾਣਾ ਪ੍ਰਬੰਧਕ ਗੁਰਦੁਆਰਾ ਭਗਤ ਕਬੀਰ ਜੀ ਮਗਹਰ, ਬਾਬਾ ਗੁਰਿੰਦਰ ਸਿੰਘ ਪਟਨਾ ਸਾਹਿਬ, ਸ. ਇੰਦਰਜੀਤ ਸਿੰਘ ਜਨਰਲ ਸਕੱਤਰ ਤਖ਼ਤ ਸ੍ਰੀ ਪਟਨਾ ਸਾਹਿਬ, ਯੂਪੀ ਸਿੱਖ ਮਿਸ਼ਨ ਦੇ ਇੰਚਾਰਜ ਸ. ਬਿ੍ਰਜਪਾਲ ਸਿੰਘ, ਸਾਬਕਾ ਮੀਤ ਸਕੱਤਰ ਸ. ਰਾਮ ਸਿੰਘ ਭਿੰਡਰ, ਐਸਡੀਓ ਸ. ਅਮਨਦੀਪ ਸਿੰਘ, ਕੇਂਦਰੀ ਗੁਰਦੁਆਰਾ ਬੋਰਡ ਜਮਸ਼ੇਦਪੁਰ ਦੇ ਪ੍ਰਧਾਨ ਸ. ਗੁਰਚਰਨ ਸਿੰਘ ਵਿਰਕ, ਮੀਤ ਪ੍ਰਧਾਨ ਸ. ਕੁਲਦੀਪ ਸਿੰਘ, ਜਨਰਲ ਸਕੱਤਰ ਸ. ਸੁਰਜੀਤ ਸਿੰਘ, ਸ. ਭਗਵਾਨ ਸਿੰਘ, ਸ. ਸੋਹਣ ਸਿੰਘ, ਬਾਬਾ ਜੱਗਾ ਸਿੰਘ, ਬਾਬਾ ਹਰੀ ਸਿੰਘ, ਬਾਬਾ ਕਰਨ ਸਿੰਘ, ਬਾਬਾ ਰਤਨ ਸਿੰਘ, ਬਾਬਾ ਯੁੱਧਵੀਰ ਸਿੰਘ, ਬਾਬਾ ਗੁਰਵੰਤ ਸਿੰਘ, ਬਾਬਾ ਚਮਕੌਰ ਸਿੰਘ, ਗਿਆਨੀ ਸਤਨਾਮ ਸਿੰਘ, ਸ. ਗੁਰਜਿੰਦਰ ਸਿੰਘ, ਬਾਬਾ ਭਾਨ ਸਿੰਘ, ਸ. ਹਰਮੀਤ ਸਿੰਘ, ਸ. ਲਖਬੀਰ ਸਿੰਘ, ਗਿਆਨੀ ਜਸਜੀਤ ਸਿੰਘ ਲਖਨਊ, ਡਾ. ਦਵਿੰਦਰ ਸਿੰਘ, ਸ. ਗੁਰਦੀਪ ਸਿੰਘ ਆਦਿ ਹਾਜ਼ਰ ਸਨ।

Be the first to comment

Leave a Reply

Your email address will not be published.


*