ਪਟਿਆਲਾ (ਟਾਈਮਜ਼ ਬਿਓਰੋ) ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਨੇ ਸੂਬੇ ਦੇ ਹਰੇਕ ਉਮਰ ਵਰਗ ਨੂੰ ਖੇਡ ਮੈਦਾਨਾਂ ਨਾਲ ਜੋੜ ਕੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਰੰਗਲੇ ਪੰਜਾਬ ਦਾ ਸੁਪਨਾ ਪੂਰਾ ਕੀਤਾ ਹੈ। ਉਹ ਪਟਿਆਲਾ ਦੇ ਰਾਜਾ ਭਾਲਿੰਦਰ ਸਿੰਘ ਖੇਡ ਸਟੇਡੀਅਮ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਦੀ ਪਟਿਆਲਾ ਪੁੱਜੀ ਮਸ਼ਾਲ ਦਾ ਸਵਾਗਤ ਕਰਨ ਲਈ ਵਿਸ਼ੇਸ਼ ਤੌਰ ‘ਤੇ ਪੁੱਜੇ ਹੋਏ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੀ ਪੁੱਜੇ ਹੋਏ ਸਨ।
ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ 1 ਵਿੱਚ ਪਟਿਆਲਾ ਜ਼ਿਲ੍ਹਾ ਓਵਰ ਆਲ ਚੈਂਪੀਅਨ ਰਿਹਾ ਸੀ ਅਤੇ ਇਸ ਵਾਰ ਵੀ ਖਿਡਾਰੀਆਂ ਦਾ ਜੋਸ਼ ਦੇਖਦਿਆਂ ਹੀ ਬਣਦਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸੀਜ਼ਨ ਦੌਰਾਨ ਕਰੀਬ 10 ਹਜ਼ਾਰ ਖਿਡਾਰੀਆਂ ਨੂੰ ਕਰੀਬ 7 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਨਾਲ ਪੰਜਾਬ ਸਰਕਾਰ ਵੱਲੋਂ ਸਨਮਾਨਿਤ ਕੀਤਾ ਗਿਆ ਸੀ। ਚੇਤਨ ਸਿੰਘ ਜੌੜਾਮਾਜਰਾ ਨੇ ਸੂਬਾ ਵਾਸੀਆਂ ਨੂੰ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ 2 ਦਾ ਹਿੱਸਾ ਬਣਨ ਲਈ ਆਪਣੀ ਰਜਿਸਟਰੇਸ਼ਨ ਕਰਵਾਉਣ ਦੀ ਅਪੀਲ ਕਰਦਿਆਂ ਕਿਹਾ ਕਿ 35 ਖੇਡਾਂ ਵਿੱਚ ਅੱਠ ਉਮਰ ਵਰਗਾਂ ਦੇ ਕਰਵਾਏ ਜਾਣ ਵਾਲੇ ਮੁਕਾਬਲੇ 1 ਸਤੰਬਰ ਤੋਂ ਸ਼ੁਰੂ ਹੋ ਰਹੇ ਹਨ, ਜਿਸ ਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ 29 ਅਗਸਤ ਨੂੰ ਬਠਿੰਡਾ ਵਿਖੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਲਾਕ ਪੱਧਰੀ ਮੁਕਾਬਲੇ 1 ਤੋਂ 10 ਸਤੰਬਰ ਤੱਕ, ਜ਼ਿਲ੍ਹਾ ਪੱਧਰੀ 16 ਤੋਂ 26 ਸਤੰਬਰ ਅਤੇ ਸੂਬਾ ਪੱਧਰੀ ਮੁਕਾਬਲੇ 1 ਤੋਂ 20 ਅਕਤੂਬਰ ਤੱਕ ਕਰਵਾਏ ਜਾਣਗੇ।
ਕੈਬਨਿਟ ਮੰਤਰੀ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਹਰੇਕ ਉਮਰ ਵਰਗ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਦਾ ਮੌਕਾ ਦਿੱਤਾ ਗਿਆ ਹੈ ਜਿਸ ਤਹਿਤ ਅੰਡਰ 14, ਅੰਡਰ 17, ਅੰਡਰ 21, 21-30 ਸਾਲ, 31-40 ਸਾਲ, 41-55 ਸਾਲ, 56-65 ਸਾਲ ਅਤੇ 65 ਸਾਲ ਤੋਂ ਉਪਰ ਉਮਰ ਵਰਗ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਵਿੱਚ ਅਥਲੈਟਿਕਸ, ਹਾਕੀ, ਫੁਟਬਾਲ, ਵਾਲੀਬਾਲ (ਸ਼ੂਟਿੰਗ ਤੇ ਸਮੈਸ਼ਿੰਗ), ਕਬੱਡੀ (ਸਰਕਲ ਤੇ ਨੈਸ਼ਨਲ ਸਟਾਈਲ), ਹੈਂਡਬਾਲ, ਮੁੱਕੇਬਾਜ਼ੀ, ਬਾਸਕਟਬਾਲ, ਕੁਸ਼ਤੀ, ਜੂਡੋ, ਤੀਰਅੰਦਾਜ਼ੀ, ਨਿਸ਼ਾਨੇਬਾਜ਼ੀ, ਪਾਵਰ ਲਿਫਟਿੰਗ, ਲਾਅਨ ਟੈਨਿਸ, ਬੈਡਮਿੰਟਨ, ਕਿੱਕ ਬਾਕਸਿੰਗ, ਕਾਏਕਿੰਗ ਤੇ ਕੈਨੋਇੰਗ, ਖੋ ਖੋ, ਜਿਮਨਾਸਟਕ, ਤੈਰਾਕੀ, ਨੈਟਬਾਲ, ਗੱਤਕਾ, ਸਤਰੰਜ਼, ਟੇਬਲ ਟੈਨਿਸ, ਰੋਲਰ ਸਕੇਟਿੰਗ, ਵੇਟਲਿਫਟਿੰਗ, ਸਾਫਟਬਾਲ, ਰੋਇੰਗ, ਘੋੜਸਵਾਰੀ, ਸਾਈਕਲਿੰਗ, ਵੁਸ਼ੂ, ਰਗਬੀ ਤੇ ਤਲਵਾਰਬਾਜ਼ੀ ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ ਅਤੇ ਸੂਬਾ ਪੱਧਰ ਉਤੇ ਪਹਿਲੇ, ਦੂਜੇ ਤੇ ਤੀਜੇ ਸਥਾਨ ਉਤੇ ਆਉਣ ਵਾਲਿਆਂ ਨੂੰ ਕ੍ਰਮਵਾਰ 10, 7 ਤੇ 5 ਹਜ਼ਾਰ ਰੁਪਏ ਦੇ ਇਨਾਮ ਮਿਲਣਗੇ।
Leave a Reply