ਚੰਡੀਗੜ੍ਹ (ਟਾਈਮਜ਼ ਬਿਓਰੋ ) : ਸੁਖਾਲੀ ਅਤੇ ਪਾਰਦਰਸ਼ੀ ਪ੍ਰਕਿਰਿਆ ਦੀ ਦਿਸ਼ਾ ਵਿੱਚ ਇੱਕ ਕਦਮ ਹੋਰ ਵਧਾਉਂਦਿਆਂ ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਵੱਲੋਂ ਬੁੱਧਵਾਰ ਨੂੰ ਪੰਜਾਬ ਸਿਵਲ ਸਕੱਤਰੇਤ-1 ਸਥਿਤ ਆਪਣੇ ਦਫ਼ਤਰ ਵਿਖੇ ਪੱਤਰਕਾਰਾਂ ਲਈ ਆਨਲਾਈਨ ਪੋਰਟਲ ਜਾਰੀ ਕੀਤਾ ਗਿਆ। ਇਹ ਪੋਰਟਲ ਪੱਤਰਕਾਰਾਂ ਨੂੰ ਮਾਨਤਾ ਹਾਸਲ ਕਰਨ ਸਬੰਧੀ ਪ੍ਰਕਿਰਿਆ ਨੂੰ ਸੁਖਾਲਾ ਬਣਾਏਗਾ। ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਇਸ ਪੋਰਟਲ ਨੂੰ ਐਨ.ਆਈ.ਸੀ. ਪੰਜਾਬ ਵੱਲੋਂ ਤਿਆਰ ਕੀਤਾ ਗਿਆ ਹੈ।
ਪੋਰਟਲ ਨੂੰ ਲਾਂਚ ਕਰਨ ਉਪਰੰਤ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਇਸ ਨਿਵੇਕਲੀ ਪਹਿਲਕਦਮੀ ਲਈ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਅਤੇ ਐਨ.ਆਈ.ਸੀ. ਪੰਜਾਬ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਪਹਿਲ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਸੂਬੇ ਵਿੱਚ ਪੱਤਰਕਾਰੀ ਲਈ ਅਨੁਕੂਲ ਮਾਹੌਲ ਪੈਦਾ ਕਰਨ ਦੀ ਵਚਨਬੱਧਤਾ ਨੂੰ ਪ੍ਰਗਟਾਉਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪ੍ਰੈਸ ਨੂੰ ਆਜ਼ਾਦਾਨਾ ਮਾਹੌਲ ਦੇਣ ਅਤੇ ਨਿਰਪੱਖ ਤੇ ਜ਼ਿੰਮੇਵਾਰ ਪ੍ਰੈਸ ਨੂੰ ਹਰ ਸੰਭਵ ਸਹਿਯੋਗ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਪਾਰਦਰਸ਼ਤਾ ਦੀ ਨੀਤੀ ਨੂੰ ਪੱਤਰਕਾਰਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਰਕਾਰੀ ਸੇਵਾਵਾਂ ਵਿੱਚ ਵੀ ਲਾਗੂ ਕਰਨ ਦੀ ਦਿਸ਼ਾ ਵਿੱਚ ਇਹ ਕਦਮ ਪੁੱਟਿਆ ਗਿਆ ਹੈ ਤਾਂ ਜੋ ਪੱਤਰਕਾਰਾਂ ਨੂੰ ਸੂਚਨਾ ਤੇ ਲੋਕ ਸੰਪਰਕ ਵਿਭਾਗ ਨੂੰ ਸੇਵਾਵਾਂ ਹਾਸਲ ਕਰਨ ਸਮੇਂ ਪਾਰਦਰਸ਼ਤਾ, ਜਵਾਬਦੇਹੀ ਅਤੇ ਪਹੁੰਚ ਨੂੰ ਆਸਾਨ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਪੋਰਟਲ ਸੁਚਾਰੂ ਢੰਗ ਨਾਲ ਤਕਨਾਲੋਜੀ ਦੇ ਇਸਤੇਮਾਲ ਜ਼ਰੀਏ ਪੱਤਰਕਾਰਾਂ ਨੂੰ ਮਾਨਤਾ ਜਾਰੀ ਕਰਨ ਦੀ ਪ੍ਰਕਿਰਿਆ ਨੂੰ ਵਧੇਰੇ ਸਰਲ ਬਣਾਉਣ ਤੋਂ ਇਲਾਵਾ ਯਕੀਨੀ ਬਣਾਏਗਾ ਕਿ ਪੱਤਰਕਾਰਾਂ ਨੂੰ ਕੋਈ ਗ਼ੈਰ-ਜ਼ਰੂਰੀ ਪ੍ਰਸ਼ਾਸਕੀ ਅੜਚਣ ਨਾ ਆਵੇ ਅਤੇ ਉਹ ਪੂਰੀ ਤਰ੍ਹਾਂ ਸੁਤੰਤਰ ਹੋ ਕੇ ਆਪਣੇ ਕੰਮ ‘ਤੇ ਧਿਆਨ ਕੇਂਦਰਿਤ ਕਰ ਸਕਣ।
Leave a Reply