ਸੁਨਾਮ ( ਟਾਈਮਜ਼ ਬਿਓਰੋ )
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਤੰਤਰਤਾ ਸੰਗਰਾਮੀ , ਕ੍ਰਾਂਤੀਕਾਰੀ ਸ਼ਹੀਦੇ ਆਜ਼ਮ ਸ੍ਰ . ਭਗਤ ਸਿੰਘ , ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਵਰਗੇ ਮਹਾਨ ਸ਼ਹੀਦਾਂ ਨੂੰ ‘ਭਾਰਤ ਰਤਨ ਐਵਾਰਡ’ ਦੇਣ ਦੀ ਵਕਾਲਤ ਕੀਤੀ ਹੈ ਜਿਨ੍ਹਾਂ ਨੇ ਆਪਣੇ ਵਤਨ ਦੀ ਖਾਤਰ ਲਾਮਿਸਾਲ ਕੁਰਬਾਨੀਆਂ ਦਿੱਤੀਆਂ ਹਨ ।
ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸੁਨਾਮ ਵਿਖੇ ਉਨ੍ਹਾਂ ਦੀ ਯਾਦਗਾਰ ਉਤੇ ਸ਼ਰਧਾ ਦੇ ਫੁੱਲ ਭੇਟ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਨੂੰ ‘ਭਾਰਤ ਰਤਨ ਐਵਾਰਡ’ ਦੇਣ ਨਾਲ ਇਸ ਐਵਾਰਡ ਦਾ ਮਾਣ ਹੋਰ ਵਧੇਗਾ। ਉਨ੍ਹਾਂ ਕਿਹਾ ਕਿ ਇਹ ਸ਼ਹੀਦ ਹੀ ਇਸ ਐਵਾਰਡ ਦੇ ਅਸਲ ਵਿੱਚ ਹੱਕਦਾਰ ਹਨ ਕਿਉਂਕਿ ਉਨ੍ਹਾਂ ਨੇ ਆਪਣੇ ਦੇਸ਼ ਨੂੰ ਵਿਦੇਸ਼ੀ ਤਾਕਤਾਂ ਦੇ ਚੁੰਗਲ ਵਿੱਚੋਂ ਆਜ਼ਾਦ ਕਰਵਾਉਣ ਲਈ ਮਹਾਨ ਕੁਰਬਾਨੀਆਂ ਦਿੱਤੀਆਂ ਹਨ। ਭਗਵੰਤ ਮਾਨ ਨੇ ਦੁੱਖ ਨਾਲ ਕਿਹਾ ਕਿ ਕੇਂਦਰ ਸਰਕਾਰ ਨੇ ਇਨ੍ਹਾਂ ਮਹਾਨ ਸਪੂਤਾਂ ਦਾ ਸਨਮਾਨ ਕਰਨ ਦੀ ਕਦੇ ਵੀ ਪ੍ਰਵਾਹ ਨਹੀਂ ਕੀਤੀ ਅਤੇ ਨਾ ਹੀ ਕਦੇ ਪਾਰਲੀਮੈਂਟ ਵਿੱਚ ਇਹਨਾਂ ਸ਼ਹੀਦਾਂ ਦਾ ਸਤਿਕਾਰ ਕੀਤਾ ।
ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਵੱਲੋਂ ਦਿੱਤੀ ਮਹਾਨ ਕੁਰਬਾਨੀ ਨੌਜਵਾਨਾਂ ਨੂੰ ਦੇਸ਼ ਦੀ ਨਿਰਸਵਾਰਥ ਸੇਵਾ ਲਈ ਹਮੇਸ਼ਾ ਪ੍ਰੇਰਦੀ ਰਹੇਗੀ ਅਤੇ ਅਜਿਹੇ ਮਹਾਨ ਨਾਇਕਾਂ ਦੀਆਂ ਬੇਮਿਸਾਲ ਕੁਰਬਾਨੀਆਂ ਸਦਕਾ ਦੇਸ਼ ਵਾਸੀ ਅੱਜ ਆਜ਼ਾਦੀ ਦਾ ਨਿੱਘ ਮਾਣ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਮਹਾਨ ਸਪੂਤ ਸੀ, ਜਿਸ ਨੇ ਜਲ੍ਹਿਆਂਵਾਲਾ ਬਾਗ ਦੇ ਸਾਕੇ ਦੇ ਮੁੱਖ ਦੋਸ਼ੀ ਮਾਈਕਲ ਓਡਵਾਇਰ ਨੂੰ ਮਾਰ ਕੇ ਬਹਾਦਰੀ ਦਾ ਸਬੂਤ ਦਿੱਤਾ ਸੀ। ਭਗਵੰਤ ਮਾਨ ਨੇ ਕਿਹਾ ਕਿ ਕੌਮੀ ਆਜ਼ਾਦੀ ਸੰਘਰਸ਼ ਵਿੱਚ ਇਸ ਮਹਾਨ ਸ਼ਹੀਦ ਦੀ ਬੇਮਿਸਾਲ ਕੁਰਬਾਨੀ ਨੇ ਦੇਸ਼ ਨੂੰ ਬਰਤਾਨਵੀ ਸਾਮਰਾਜਵਾਦ ਦੇ ਜੂਲੇ ਤੋਂ ਮੁਕਤ ਹੋਣ ਵਿੱਚ ਮਦਦ ਕੀਤੀ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ ਜਲ੍ਹਿਆਂਵਾਲਾ ਬਾਗ ਵਿਖੇ ਹੋਏ ਸਾਕੇ ਦਾ ਬਦਲਾ ਲੈਣ ਲਈ 21 ਸਾਲ ਉਡੀਕ ਕੀਤੀ ਅਤੇ ਇਸ ਤਰ੍ਹਾਂ ਦੇਸ਼ ਦੀ ਆਜ਼ਾਦੀ ਦੀ ਨੀਂਹ ਰੱਖੀ। ਭਗਵੰਤ ਮਾਨ ਨੇ ਕਿਹਾ ਕਿ ਉਹ ਭਾਰਤ ਦੇ ਆਜ਼ਾਦੀ ਸੰਗਰਾਮ ਦੇ ਅਜਿਹੇ ਮਹਾਨ ਸ਼ਹੀਦਾਂ ਅਤੇ ਦੇਸ਼ ਭਗਤਾਂ ਅੱਗੇ ਸ਼ਰਧਾ ਨਾਲ ਸਿਰ ਝੁਕਾਉਂਦੇ ਹਨ, ਜਿਨ੍ਹਾਂ ਨੇ ਸੂਰਬੀਰਤਾ ਦਿਖਾਉਂਦਿਆਂ ਦੇਸ਼ ਦੀ ਆਜ਼ਾਦੀ ਲਈ ਲਾਮਿਸਾਲ ਕੁਰਬਾਨੀਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਦੀ ਅਮੀਰ ਵਿਰਾਸਤ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸੇਧ ਦੇਣ ਲਈ ਚਾਨਣ ਮੁਨਾਰੇ ਦਾ ਕੰਮ ਕਰੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੰਡਨ ਤੋਂ ਸ਼ਹੀਦ ਊਧਮ ਸਿੰਘ ਦਾ ਨਿੱਜੀ ਸਮਾਨ ਵਾਪਸ ਲਿਆਉਣ ਲਈ ਸਿਰਤੋੜ ਯਤਨ ਕਰੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਮਸਲਿਆਂ ਨੂੰ ਸਾਰੇ ਸਬੰਧਤ ਮੰਚਾਂ ‘ਤੇ ਉਠਾਏਗੀ ਤਾਂ ਜੋ ਇਸ ਸਮਾਨ ਨੂੰ ਛੇਤੀ ਤੋਂ ਛੇਤੀ ਵਾਪਸ ਲਿਆਂਦਾ ਜਾ ਸਕੇ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਪਾਕਿਸਤਾਨ ਵਿੱਚ ਪਈਆਂ ਸ਼ਹੀਦ ਭਗਤ ਸਿੰਘ ਨਾਲ ਜੁੜੀਆਂ ਵਸਤਾਂ ਨੂੰ ਵੀ ਵਾਪਸ ਲਿਆਂਦਾ ਜਾਵੇਗਾ ।
Leave a Reply