ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਹੜ੍ਹ ਪੀੜਤਾਂ ਵਾਸਤੇ ਮੈਡੀਕਲ ਸੇਵਾਵਾਂ ਲਈ ਤਿੰਨ ਮੈਡੀਕਲ ਵੈਨਾਂ ਕੀਤੀਆਂ ਰਵਾਨਾ

ਲੋੜ ਬਣੀ ਰਹਿਣ ਤੱਕ ਸ਼੍ਰੋਮਣੀ ਕਮੇਟੀ ਵੱਲੋਂ ਰਾਹਤ ਸੇਵਾਵਾਂ ਰਹਿਣਗੀਆਂ ਜਾਰੀ- ਐਡਵੋਕੇਟ ਧਾਮੀ
ਮੈਡੀਕਲ ਟੀਮਾਂ ਸ੍ਰੀ ਅਨੰਦਪੁਰ ਸਾਹਿਬ, ਪਟਿਆਲਾ ਤੇ ਮੋਹਾਲੀ ’ਚ ਰਹਿਣਗੀਆਂ ਕਾਰਜਸ਼ੀਲ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਤੋਂ ਪ੍ਰਭਾਵਿਤ ਲੋਕਾਂ ਲਈ ਜਿਥੇ ਰਿਹਾਇਸ਼ ਅਤੇ ਲੰਗਰ ਆਦਿ ਦੇ ਪ੍ਰਬੰਧ ਕੀਤੇ ਗਏ ਹਨ, ਉਥੇ ਹੀ ਮੈਡੀਕਲ ਸਹੂਲਤ ਨੂੰ ਮੁੱਖ ਰੱਖਦਿਆਂ ਵੱਖ-ਵੱਖ ਇਲਾਕਿਆਂ ਲਈ ਅੱਜ ਤਿੰਨ ਐਬੂਲੈਂਸ ਗੱਡੀਆਂ ਨੂੰ ਰਵਾਨਾ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਵਾਲੇ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵੱਲ੍ਹਾ ਤੋਂ ਇਹ ਤਿੰਨ ਵੈਨਾਂ ਸ੍ਰੀ ਅਨੰਦਪੁਰ ਸਾਹਿਬ, ਪਟਿਆਲਾ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੇ ਇਲਾਕਿਆਂ ਲਈ ਰਵਾਨਾ ਕੀਤੀਆਂ। ਇਸ ਸਬੰਧੀ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਕੁਦਰਤੀ ਆਫ਼ਤ ਕਾਰਨ ਬਹੁਤ ਸਾਰੇ ਇਲਾਕਿਆਂ ਵਿਚ ਪਾਣੀ ਭਰਨ ਕਰਕੇ ਸਥਾਨਕ ਲੋਕ ਵੱਡੀਆਂ ਮੁਸ਼ਕਲਾਂ ਵਿਚ ਹਨ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਕਮੇਟੀ ਆਪਣਾ ਫ਼ਰਜ਼ ਸਮਝਦਿਆਂ ਮੁਸ਼ਕਲ ਸਮੇਂ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਅਤੇ ਹਰ ਤਰ੍ਹਾਂ ਦੀ ਸਹਾਇਤਾ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਬੀਤੇ ਕੱਲ੍ਹ ਤੋਂ ਪ੍ਰਭਾਵਿਤ ਇਲਾਕਿਆਂ ਵਿਚ ਜਿਥੇ ਲੰਗਰ ਦੇ ਪ੍ਰਬੰਧ ਕੀਤੇ ਗਏ ਹਨ, ਉਥੇ ਹੀ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਚ ਰਿਹਾਇਸ਼ ਦਾ ਵੀ ਪ੍ਰਬੰਧ ਕੀਤਾ ਗਿਆ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਅਜਿਹੇ ਸਮੇਂ ਸਿਹਤ ਸਹੂਲਤਾਂ ਦੀ ਵੱਡੀ ਲੋੜ ਨੂੰ ਸਮਝਦਿਆਂ ਅੱਜ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵੱਲ੍ਹਾ ਤੋਂ ਤਿੰਨ ਐਬੂਲੈਂਸ ਵੈਨਾਂ ਨੂੰ ਰਵਾਨਾ ਗਿਆ ਹੈ। ਇਨ੍ਹਾਂ ਵੈਨਾਂ ਵਿਚ ਡਾਕਟਰ ਸਮੇਤ ਮੈਡੀਕਲ ਟੀਮ ਦੇ ਨਾਲ-ਨਾਲ ਦਵਾਈਆਂ ਦਾ ਖਾਸ ਪ੍ਰਬੰਧ ਹੈ, ਜੋ ਲੋੜਵੰਦਾਂ ਨੂੰ ਮੁਫ਼ਤ ਦਿੱਤੀਆਂ ਜਾਣਗੀਆਂ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਵਚਨਬਧਤਾ ਪ੍ਰਗਟਾਈ ਕਿ ਹੜ੍ਹ ਪ੍ਰਭਾਵਿਤ ਲੋਕਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਰਾਹਤ ਸੇਵਾਵਾਂ ਲੋੜ ਬਣੀ ਰਹਿਣ ਤੱਕ ਨਿਰੰਤਰ ਜਾਰੀ ਰੱਖੀਆਂ ਜਾਣਗੀਆਂ। ਉਨ੍ਹਾਂ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਸੇਵਾਵਾਂ ਨਿਭਾਅ ਰਹੀਆਂ ਸ਼੍ਰੋਮਣੀ ਕਮੇਟੀ ਦੀਆਂ ਟੀਮਾਂ ਨਾਲ ਸਹਿਯੋਗ ਕਰਨ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਸ. ਅਲਵਿੰਦਰਪਾਲ ਸਿੰਘ ਪੱਖੋਕੇ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਸਰਵਣ ਸਿੰਘ ਕੁਲਾਰ, ਸ. ਅਵਤਾਰ ਸਿੰਘ ਵਣਵਾਲਾ, ਅਕਾਲੀ ਆਗੂ ਸ. ਕੰਵਰਜੀਤ ਸਿੰਘ ਰੋਜੀ ਬਰਕੰਦੀ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓਐਸਡੀ ਸ. ਸਤਬੀਰ ਸਿੰਘ ਧਾਮੀ, ਮੈਡੀਕਲ ਟਰੱਸਟ ਦੇ ਐਡੀਸ਼ਨਲ ਸਕੱਤਰ ਅਤੇ ਡੀਨ ਡਾ. ਏਪੀ ਸਿੰਘ, ਵਾਈਸ ਚਾਂਸਲਰ ਡਾ. ਮਨਜੀਤ ਸਿੰਘ ਉੱਪਲ, ਭਾਈ ਨਵਤੇਜ ਸਿੰਘ ਦਮਦਮੀ ਟਕਸਾਲ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਸਿਮਰਜੀਤ ਸਿੰਘ, ਮੀਤ ਸਕੱਤਰ ਸ. ਸ਼ਾਹਬਾਜ਼ ਸਿੰਘ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਹਰਭਜਨ ਸਿੰਘ ਵਕਤਾ, ਇੰਚਾਰਜ ਸ. ਅਜ਼ਾਦਦੀਪ ਸਿੰਘ ਤੇ ਹੋਰ ਮੌਜੂਦ ਸਨ।

Be the first to comment

Leave a Reply

Your email address will not be published.


*