ਅੰਮ੍ਰਿਤਸਰ (ਟਾਈਮਜ਼ ਬਿਓਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉੱਘੇ ਸਿੱਖ ਵਿਦਵਾਨ ਪ੍ਰੋ. ਪ੍ਰਿਥੀਪਾਲ ਸਿੰਘ ਕਪੂਰ ਦੇ ਅਕਾਲ ਚਲਾਣੇ ’ਤੇ ਗਹਿਰਾ ਅਫ਼ਸੋਸ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰੋ. ਕਪੂਰ ਨੇ ਅੱਧੀ ਸਦੀ ਤੋਂ ਵੱਧ ਸਮਾਂ ਸਿੱਖ ਇਤਿਹਾਸ ਦੀ ਖੋਜ ਅਤੇ ਅਧਿਆਪਨ ਦੇ ਖੇਤਰ ਵਿਚ ਯੋਗਦਾਨ ਪਾਇਆ। ਉਨ੍ਹਾਂ ਦੀਆਂ ਸਿੱਖ ਇਤਿਹਾਸ, ਰਵਾਇਤਾਂ ਅਤੇ ਵਿਰਸੇ ਨਾਲ ਸਬੰਧਤ ਮੌਲਿਕ ਖੋਜ ਕਿਰਤਾਂ ਇਤਿਹਾਸ ਦੇ ਵਿਦਿਆਰਥੀਆਂ ਅਤੇ ਪਾਠਕਾਂ ਨੂੰ ਹਮੇਸ਼ਾਂ ਅਗਵਾਈ ਦਿੰਦੀਆਂ ਰਹਿਣਗੀਆਂ। ਐਡਵੋਕੇਟ ਧਾਮੀ ਨੇ ਕਿਹਾ ਕਿ ਸ. ਪ੍ਰਿਥੀਪਾਲ ਸਿੰਘ ਕਪੂਰ ਨੇ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਰਹਿੰਦਿਆਂ ਵੀ ਯਾਦ ਰੱਖਣਯੋਗ ਸੇਵਾਵਾਂ ਦਿੱਤੀਆਂ ਅਤੇ ਸਿੱਖੀ ਪ੍ਰਚਾਰ ਲਈ ਕਈ ਵੱਡਮੁੱਲੇ ਸੁਝਾਅ ਦਿੰਦੇ ਰਹੇ। ਸ. ਕਪੂਰ ਦੇ ਚਲਾਣੇ ਨਾਲ ਸਿੱਖ ਪੰਥ ਇਕ ਪ੍ਰਬੁੱਧ ਵਿਦਵਾਨ ਤੋਂ ਵਾਂਝਾ ਹੋ ਗਿਆ ਹੈ, ਜਿਸ ਦੀ ਪੂਰਤੀ ਅਸੰਭਵ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸ. ਪ੍ਰਿਥੀਪਾਲ ਸਿੰਘ ਕਪੂਰ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਨਾਲ ਜੋੜਨ।
Leave a Reply