ਸ਼੍ਰੋਮਣੀ ਕਮੇਟੀ ਵੱਲੋਂ ਗੁਰਬਾਣੀ ਪ੍ਰਸਾਰਣ ਲਈ ‘ਐਸਜੀਪੀਸੀ ਸ੍ਰੀ ਅੰਮ੍ਰਿਤਸਰ’ ਨਾਂ ਦਾ ਵੈੱਬ ਚੈਨਲ ਜਾਰੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਦੇ ਸਾਰੇ ਹੱਕ ਸ਼੍ਰੋਮਣੀ ਕਮੇਟੀ ਪਾਸ ਰਹਿਣਗੇ- ਐਡਵੋਕੇਟ ਧਾਮੀ
ਅੰਮ੍ਰਿਤਸਰ,  ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਵਿਸ਼ਵ ਭਰ ਦੀਆਂ ਸੰਗਤਾਂ ਤੱਕ ਪਹੁੰਚਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣਾ ਯੂਟਿਊਬ/ਵੈੱਬ ਚੈਨਲ ਅੱਜ ਜਾਰੀ ਕਰ ਦਿੱਤਾ ਗਿਆ ਹੈ। ਇਸ ਸਬੰਧ ਵਿਚ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਭੋਗ ਮਗਰੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਹੋਇਆ, ਜਿਥੇ ਵੈੱਬ ਚੈਨਲ ਦੀ ਰਸਮੀ ਆਰੰਭਤਾ ਕੀਤੀ ਗਈ। ਸ਼੍ਰੋਮਣੀ ਕਮੇਟੀ ਵੱਲੋਂ ਗੁਰਬਾਣੀ ਪ੍ਰਸਾਰਣ ਲਈ ਬਣਾਏ ਗਏ ਇਸ ਚੈਨਲ ਦਾ ਨਾਂ ‘ਐਸਜੀਪੀਸੀ ਸ੍ਰੀ ਅੰਮ੍ਰਿਤਸਰ’ ਰੱਖਿਆ ਗਿਆ ਹੈ, ਜੋ ਯੂਟਿਊਬ ਅਤੇ ਫੇਸਬੁੱਕ ’ਤੇ ਉਪਲੱਬਧ ਹੋਵੇਗਾ।
ਚੈਨਲ ਦੀ ਆਰੰਭਤਾ ਲਈ ਕੀਤੇ ਗਏ ਸਮਾਗਮ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅੱਜ ਦਾ ਦਿਨ ਇਤਿਹਾਸਕ ਹੈ, ਜਦੋਂ ਸ਼੍ਰੋਮਣੀ ਕਮੇਟੀ ਆਪਣੇ ਤੌਰ ’ਤੇ ਗੁਰਬਾਣੀ ਪ੍ਰਸਾਰਣ ਦੀ ਆਰੰਭਤਾ ਕਰ ਰਹੀ ਹੈ। ਉਨ੍ਹਾਂ ਆਖਿਆ ਕਿ ਇਸ ਨਾਲ ਸੰਗਤ ਦੀ ਚਿਰੌਕਣੀ ਮੰਗ ਪੂਰੀ ਹੋਈ ਹੈ। ਐਡਵੋਕੇਟ ਧਾਮੀ ਨੇ ਆਪਣੇ ਸੰਬੋਧਨ ਦੌਰਾਨ ਸਪੱਸ਼ਟ ਕੀਤਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਦੇ ਸਾਰੇ ਅਧਿਕਾਰ ਸ਼੍ਰੋਮਣੀ ਕਮੇਟੀ ਪਾਸ ਮੌਜੂਦ ਰਹਿਣਗੇ ਅਤੇ ਹੋਰ ਕੋਈ ਚੈਨਲ ਨਹੀਂ ਚਲਾ ਸਕੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਆਪਣਾ ਸੈਟੇਲਾਈਟ ਚੈਨਲ ਵੀ ਜਲਦ ਸਥਾਪਤ ਕਰ ਲਵੇਗੀ, ਜਿਸ ਨੂੰ ਲੈ ਕੇ ਸਰਗਰਮੀ ਨਾਲ ਪ੍ਰਕਿਰਿਆ ਜਾਰੀ ਹੈ। ਫਿਲਹਾਲ ਸੈਟੇਲਾਈਟ ਲਈ ਸੰਗਤ ਦੀ ਮੰਗ ਅਨੁਸਾਰ ਪੀਟੀਸੀ ਚੈਨਲ ਨੂੰ ਗੁਰਬਾਣੀ ਪ੍ਰਸਾਰਣ ਕਰਨ ਲਈ ਅਧਿਕਾਰਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪੀਟੀਸੀ ਦੇ ਪ੍ਰਬੰਧਕਾਂ ਨੂੰ ਸ਼੍ਰੋਮਣੀ ਕਮੇਟੀ ਨੇ ਅਪੀਲ ਕੀਤੀ ਸੀ, ਜਿਨ੍ਹਾਂ ਨੇ ਸਹਿਮਤੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਅਧਿਕਾਰਤ ਯੂਟਿਊਬ ਅਤੇ ਸ਼ੋਸਲ ਮੀਡੀਆ ਪਲੇਟਫਾਰਮਾਂ ’ਤੇ ਗੁਰਬਾਣੀ ਪ੍ਰਸਾਰਣ ਲਈ ਚੁਣੀ ਕੰਪਨੀ ਨੂੰ ਅਦਾ ਕੀਤੇ ਜਾਣ ਵਾਲੇ 12 ਲੱਖ ਰੁਪਏ ਦੇ ਮਹੀਨਾਵਾਰ ਖਰਚੇ ਵੀ ਪੀਟੀਸੀ ਵੱਲੋਂ ਕੀਤੇ ਜਾਣਗੇ।
ਐਡਵੋਕੇਟ ਧਾਮੀ ਨੇ ਅਪੀਲ ਕੀਤੀ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਨਿਰਵਿਘਨ ਸਰਵਣ ਕਰਨ ਲਈ ਸੰਗਤਾਂ ਸ਼੍ਰੋਮਣੀ ਕਮੇਟੀ ਵੱਲੋਂ ਤਿਆਰ ਕੀਤੇ ਗਏ ‘ਐਸਜੀਪੀਸੀ ਸ੍ਰੀ ਅੰਮ੍ਰਿਤਸਰ’ ਯੂਟਿਊਬ ਅਤੇ ਫੇਸਬੁੱਕ ਚੈਨਲ ਨਾਲ ਜੁੜਨ। ਵੈੱਬ ਚੈਨਲ ਦਾ ਨਾਂ ਬਦਲਣ ਬਾਰੇ ਉਨ੍ਹਾਂ ਕਿਹਾ ਕਿ ਇਹ ਵਿਦਵਾਨਾਂ ਦੇ ਸੁਝਾਅ ਅਤੇ ਸਿੰਘ ਸਾਹਿਬਾਨ ਨਾਲ ਵਿਚਾਰ-ਵਟਾਂਦਰੇ ਮਗਰੋਂ ਕੀਤਾ ਗਿਆ ਹੈ, ਕਿਉਂਕਿ ਭਵਿੱਖ ਵਿਚ ਜੇਕਰ ਚੈਨਲ ਨਾਲ ਸਬੰਧਤ ਕੋਈ ਕਾਨੂੰਨੀ ਪੇਚੀਦਗੀ ਬਣਦੀ ਹੈ ਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਨਾਂ ਇਸ ਵਿੱਚੋਂ ਬਾਹਰ ਰਹੇਗਾ।
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਸੰਗਤ ਨੂੰ ਗੁਰਬਾਣੀ ਪ੍ਰਸਾਰਣ ਲਈ ਸ਼ੁਰੂ ਹੋਏ ਚੈਨਲ ਦੀ ਵਧਾਈ ਦਿੱਤੀ। ਸਮਾਗਮ ਦੌਰਾਨ ਹਾਜ਼ਰ ਸ਼ਖ਼ਸੀਅਤਾਂ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਅਵਤਾਰ ਸਿੰਘ ਰਿਆ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਤੁਗਲਵਾਲ, ਸ. ਬਾਵਾ ਸਿੰਘ ਗੁਮਾਨਪੁਰਾ, ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ, ਭਾਈ ਅਮਰਜੀਤ ਸਿੰਘ ਚਾਵਲਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਅਮਰਜੀਤ ਸਿੰਘ ਬੰਡਾਲਾ, ਸ. ਸਰਵਣ ਸਿੰਘ ਕੁਲਾਰ, ਸ. ਰਵਿੰਦਰ ਸਿੰਘ ਖਾਲਸਾ, ਸ. ਰਣਜੀਤ ਸਿੰਘ ਕਾਹਲੋਂ, ਸ. ਕੁਲਵੰਤ ਸਿੰਘ ਮੰਨਣ, ਸ. ਤੇਜਾ ਸਿੰਘ ਕਮਾਲਪੁਰ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਬਲਵਿੰਦਰ ਸਿੰਘ ਵੇਈਂਪੂਈਂ, ਸ. ਹਰਪਾਲ ਸਿੰਘ ਜੱਲਾ, ਜਥੇਦਾਰ ਗੁਰਲਾਲ ਸਿੰਘ, ਬੀਬੀ ਜੋਗਿੰਦਰ ਕੌਰ ਧਰਮਕੋਟ, ਬਾਬਾ ਨਿਹਾਲ ਸਿੰਘ ਦਲ ਬਾਬਾ ਬਿਧੀ ਚੰਦ, ਬਾਬਾ ਗੁਰਪ੍ਰੀਤ ਸਿੰਘ ਖਡੂਰ ਸਾਹਿਬ, ਬਾਬਾ ਗੁਰਦੀਪ ਸਿੰਘ ਖੁਜਾਲੇ ਵਾਲੇ, ਬਾਬਾ ਸੁਰਿੰਦਰ ਸਿੰਘ ਮਿੱਠਾ ਟਿਵਾਣਾ, ਬਾਬਾ ਭੁਪਿੰਦਰ ਸਿੰਘ ਪਟਿਆਲੇ ਵਾਲੇ, ਬਾਬਾ ਸੁਖਪਾਲ ਸਿੰਘ ਮਾਲਵਾ ਤਰਨਾ ਦਲ, ਬਾਬਾ ਜਸਪਾਲ ਸਿੰਘ ਸ੍ਰੀ ਮੁਕਤਸਰ, ਜਥੇਦਾਰ ਕਸ਼ਮੀਰ ਸਿੰਘ ਧਰਮਕੋਟ, ਬਾਬਾ ਅਮਨਦੀਪ ਸਿੰਘ ਟਕਸਾਲ ਸ਼ਹੀਦ ਭਾਈ ਮਨੀ ਸਿੰਘ, ਬਾਬਾ ਮੇਜਰ ਸਿੰਘ ਸੋਢੀ ਦਸਮੇਸ਼ ਤਰਨਾ ਦਲ, ਬਾਬਾ ਤਰਲੋਕ ਸਿੰਘ ਖ਼ਿਆਲੇ ਵਾਲੇ, ਬਾਬਾ ਗੁਰਲਾਲ ਸਿੰਘ, ਬਾਬਾ ਹਰਦੀਪ ਸਿੰਘ, ਬਾਬਾ ਸੁਖਦੇਵ ਸਿੰਘ, ਬਾਬਾ ਬਲਦੇਵ ਸਿੰਘ ਵੱਲ੍ਹਾ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਸਤਨਾਮ ਸਿੰਘ ਖਾਪੜਖੇੜੀ, ਬਾਬਾ ਗੁਰਦੇਵ ਸਿੰਘ ਤਰਸਿੱਕਾ, ਬਾਬਾ ਬਲਦੇਵ ਸਿੰਘ ਮੁਸਤਫਾਪੁਰ, ਬਾਬਾ ਦਿਲਬਾਗ ਸਿੰਘ ਬਾਲੇਵਾਲ, ਬਾਬਾ ਤੇਜਾ ਸਿੰਘ ਖੁੰਡਿਆਂ ਵਾਲੇ, ਬਾਬਾ ਮਨਪ੍ਰੀਤ ਸਿੰਘ, ਬਾਬਾ ਬਲਵੀਰ ਸਿੰਘ ਰਾਜਸਥਾਨ, ਬਾਬਾ ਰਘਬੀਰ ਸਿੰਘ ਖ਼ਿਆਲੇ ਵਾਲੇ, ਬਾਬਾ ਹਰਜਿੰਦਰ ਸਿੰਘ ਮੁਕਤਸਰ, ਬਾਬਾ ਨਰਿੰਦਰ ਸਿੰਘ ਵੱਲ੍ਹਾ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਾਬਕਾ ਸਕੱਤਰ ਸ. ਜੋਗਿੰਦਰ ਸਿੰਘ ਅਦਲੀਵਾਲ, ਵਧੀਕ ਸਕੱਤਰ ਸ. ਸੁਖਮਿੰਦਰ ਸਿੰਘ, ਸ. ਬਿਜੈ ਸਿੰਘ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਸਿਮਰਜੀਤ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਗੁਰਚਰਨ ਸਿੰਘ ਕੋਹਾਲਾ, ਸ. ਜਸਵਿੰਦਰ ਸਿੰਘ ਜੱਸੀ, ਪ੍ਰੋ. ਸੁਖਦੇਵ ਸਿੰਘ, ਬੀਬੀ ਮਨਜੀਤ ਕੌਰ ਪ੍ਰਿੰਸੀਪਲ ਸ਼ਹੀਦ ਸਿੱਖ ਮਿਸ਼ਨਰੀ ਕਾਲਜ, ਸੁਪਰਡੰਟ ਸ. ਮਲਕੀਤ ਸਿੰਘ ਬਹਿੜਵਾਲ, ਸ. ਜਸਬੀਰ ਸਿੰਘ ਘੁੰਮਣ, ਸ. ਸਰਬਜੀਤ ਸਿੰਘ ਸੋਹਲ, ਡਾ. ਅਮਰਜੀਤ ਸਿੰਘ, ਭਾਈ ਹਰਚੰਦ ਸਿੰਘ ਆਦਿ ਮੌਜੂਦ ਸਨ।
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ’ਚ ਪੰਜਾਬ ਸਰਕਾਰ ਕਰ ਰਹੀ ਹੈ ਸਾਜ਼ਿਸ਼ੀ ਦਖ਼ਲਅੰਦਾਜ਼ੀ- ਐਡਵੋਕੇਟ ਧਾਮੀ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਨੂੰ ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਵਿਚ ਦਖ਼ਲਅੰਦਾਜ਼ੀ ਬੰਦ ਕਰਨ ਦੀ ਸਖ਼ਤ ਤਾੜਨਾ ਕੀਤੀ ਹੈ। ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਵੈੱਬ ਚੈਨਲ ਦੀ ਆਰੰਭਤਾ ਸਬੰਧੀ ਕੀਤੇ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖ ਸੰਸਥਾ ਨੂੰ ਕਮਜ਼ੋਰ ਕਰਨ ਦੀਆਂ ਸਾਜ਼ਿਸ਼ੀ ਚਾਲਾਂ ਚੱਲ ਰਹੀ ਹੈ, ਪਰ ਇਸ ਨੂੰ ਇਹ ਨਹੀਂ ਪਤਾ ਕਿ ਇਹ ਗੁਰੂ ਸਾਹਿਬਾਨ ਦੀ ਵਰੋਸਾਈ ਸੰਸਥਾ ਹੈ, ਜੋ ਸਰਕਾਰੀ ਚਾਲਾਂ ਦਾ ਹਮੇਸ਼ਾ ਮੂੰਹਤੋੜ ਜਵਾਬ ਦਿੰਦੀ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਆਪਣਾ ਕੰਮ ਕਰੇ ਅਤੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰੇ, ਸਿੱਖ ਪੰਥ ਆਪਣੇ ਕਾਰਜ ਆਪ ਕਰਨੇ ਜਾਣਦਾ ਹੈ।
ਉਨ੍ਹਾਂ ਬੀਤੇ ਦਿਨੀਂ ਸ਼੍ਰੋਮਣੀ ਕਮੇਟੀ ਦੇ ਕੁਝ ਮੁਲਾਜ਼ਮਾਂ ਵੱਲੋਂ ਬਣਾਈ ਗਈ ਯੂਨੀਅਨ ਨੂੰ ਵੀ ਸਿੱਖ ਸੰਸਥਾ ਦੀ ਮਰਯਾਦਾ ਦੇ ਉਲਟ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਯੂਨੀਅਨ ਦੀ ਰਜਿਸਟ੍ਰੇਸ਼ਨ ਟਰੇਡ ਅਧੀਨ ਕਰਵਾਉਣ ਦੀ ਸ਼ੈਤਾਨੀ ਵੀ ਪੰਜਾਬ ਸਰਕਾਰ ਵੱਲੋਂ ਹੀ ਕੀਤੀ ਗਈ ਹੈ। ਐਡਵੋਕੇਟ ਧਾਮੀ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਗੁਰੂ ਘਰ ਦੀ ਪਵਿੱਤਰ ਸੰਸਥਾ ਹੈ, ਜਿਥੇ ਸੰਗਤ ਦੇ ਦਸਵੰਧ ਨਾਲ ਕਾਰਜ ਕੀਤੇ ਜਾਂਦੇ ਹਨ। ਇਹ ਸੰਸਥਾ ਕੋਈ ਫੈਕਟਰੀ ਜਾਂ ਵਪਾਰਕ ਅਦਾਰਾ ਨਹੀਂ ਹੈ, ਜਿਥੇ ਟਰੇਡ ਯੂਨੀਅਨ ਸਥਾਪਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਆਪਣੀਆਂ ਪ੍ਰੰਪਰਾਵਾਂ ਦੇ ਉਲਟ ਕਿਸੇ ਨੂੰ ਵੀ ਕਾਰਜ ਕਰਨ ਦੀ ਇਜਾਜ਼ਤ ਨਹੀਂ ਦੇਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ ਹਰ ਔਖੇ ਸਮੇਂ ਮਨੁਖਤਾ ਨਾਲ ਖੜ੍ਹਦੇ ਹਨ ਅਤੇ ਮੌਜੂਦਾ ਸਮੇਂ ਹੜ੍ਹਾਂ ਦੌਰਾਨ ਵੀ ਵੱਡੀਆਂ ਸੇਵਾਵਾਂ ਨਿਭਾਅ ਰਹੇ ਹਨ। ਪਰ ਕੁਝ ਸ਼ਰਾਰਤੀ ਲੋਕ ਜਾਣਬੁਝ ਕੇ ਸੰਸਥਾ ਦੇ ਪ੍ਰਬੰਧਾਂ ਨੂੰ ਖਰਾਬ ਕਰਨਾ ਚਾਹੁੰਦੇ ਹਨ, ਜੋ ਹੋਣ ਨਹੀਂ ਦਿੱਤਾ ਜਾਵੇਗਾ।

Be the first to comment

Leave a Reply

Your email address will not be published.


*